ਭਿਆਨਕ ਸੜਕ ਹਾਦਸਾ! ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਦੀ ਮੌਤ ਦਰਜਨਾਂ ਜ਼ਖਮੀ
Nawanshahr Bus Accident; ਨਵਾਂਸ਼ਹਿਰ ਵਿੱਚ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਕੁੱਲ 41 ਸਵਾਰੀਆਂ ਸਵਾਰ ਸਨ ਅਤੇ ਇਹ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ।
ਹਾਦਸਾ ਸੋਮਵਾਰ ਸਵੇਰੇ ਕਰੀਬ 5 ਵਜੇ ਬੰਗਾ ਨੇੜੇ ਪਿੰਡ ਮਜਾਰੀ ਵਿੱਚ ਵਾਪਰਿਆ। ਸ਼ੁਰੂਆਤੀ ਜਾਂਚ ਮੁਤਾਬਕ ਬੱਸ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਬੱਸ ਬੇਕਾਬੂ ਹੋ ਗਈ। ਬੱਸ ਫਲਾਈਓਵਰ ਦੀ ਰੇਲਿੰਗ ਤੋੜਦੀ ਹੋਈ ਸਰਵਿਸ ਰੋਡ ’ਤੇ ਜਾ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।
ਬੰਗਾ ਸਦਰ ਥਾਣੇ ਦੇ IO ਸੰਦੀਪ ਕੁਮਾਰ ਨੇ ਦੱਸਿਆ ਕਿ ਬੱਸ ਡਰਾਈਵਰ ਵਿਵੇਕ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਮੰਡੀ ਦਾ ਰਹਿਣ ਵਾਲਾ ਹੈ।
ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਦੇ ਰਹਿਣ ਵਾਲੇ ਵਿਸ਼ਾਲ ਰੱਤੂ, ਉਮਰ 30 ਸਾਲ, ਅਤੇ ਜੋਤਸਨਾ ਜਾਰਜ, ਜੋ ਕੇਰਲ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ, ਸ਼ਾਮਲ ਹਨ। ਦੋ ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ।
ਇਸ ਤੋਂ ਪਹਿਲਾਂ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਮ੍ਰਿਤਕਾਂ ਵਿੱਚ ਲਵਲੀ ਯੂਨੀਵਰਸਿਟੀ (LPU) ਦੇ ਦੋ ਵਿਦਿਆਰਥੀ ਵੀ ਸ਼ਾਮਲ ਹਨ, ਪਰ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ ਹੈ।
ਹਾਦਸੇ ਤੋਂ ਬਾਅਦ ਬੰਗਾ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਰਖਵਾਈਆਂ ਹਨ।
ਜਾਂਚ ਅਧਿਕਾਰੀ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਹਾਦਸਾ ਵਾਪਰਨ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਚਸ਼ਮਦੀਦ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਜਿਮ ਜਾਣ ਲਈ ਘਰੋਂ ਨਿਕਲਿਆ ਸੀ ਅਤੇ ਪੈਟਰੋਲ ਖ਼ਤਮ ਹੋਣ ਕਾਰਨ ਉਹ ਪੈਟਰੋਲ ਪੰਪ ’ਤੇ ਗਿਆ ਸੀ। ਇਸੇ ਦੌਰਾਨ ਉਸ ਦੇ ਸਾਹਮਣੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
IO ਸੰਦੀਪ ਕੁਮਾਰ ਨੇ ਦੱਸਿਆ ਕਿ ਬੱਸ ਵਿੱਚ 41 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਕਰੀਬ 10 ਬੱਚੇ ਲਵਲੀ ਯੂਨੀਵਰਸਿਟੀ ਨਾਲ ਸਬੰਧਤ ਦੱਸੇ ਜਾ ਰਹੇ ਹਨ। LPU ਦੇ ਵਿਦਿਆਰਥੀਆਂ ਦੇ ਹਾਦਸੇ ਵਿੱਚ ਹੋਏ ਨੁਕਸਾਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਦੀ ਪੂਰੀ ਜਾਣਕਾਰੀ ਵੀ ਇਕੱਠੀ ਕੀਤੀ ਜਾ ਰਹੀ ਹੈ।
