Punjab Floods Situation; ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਲੋਕਾਂ ਦੀ ਸਾਰ ਲੈਣ ਲਈ ਅੱਜ ਪੂਰੀ ਦੁਨੀਆ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ ਕਰਨ ਦੌਰਾਨ ਐਲਾਨ ਕੀਤਾ ਗਿਆ ਕਿ ਇਸ ਔਖੀ ਘੜੀ ਵਿੱਚ ਉਹ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ।
ਅਜਨਾਲਾ ਖੇਤਰ ਦੇ ਹੜ੍ਹ ਪ੍ਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਡਾ: ਉਬਰਾਏ ਨੇੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਇਸ ਲਈ ਸਾਡਾ ਧਰਮ ਬਣਦਾ ਹੈ ਕਿ ਅਸੀਂ ਡੱਟ ਕੇ ਆਪਣੀ ਧਰਤੀ ਤੇ ਆਪਣੇ ਲੋਕਾਂ ਦਾ ਸਾਥ ਦੇਈਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਵੱਡੇ ਪੱਧਰ ਤੇ ਸੁੱਕਾ ਰਾਸ਼ਨ,ਪਸ਼ੂਆਂ ਦਾ ਚਾਰਾ,ਦਵਾਈਆਂ ਤੇ ਹੋਰ ਲੋੜੀਂਦਾ ਸਮਾਨ ਨਿਰੰਤਰ ਵੰਡ ਰਹੀਆਂ ਹਨ। ਡਾ.ਓਬਰਾਏ ਨੇ ਐਲਾਨ ਕੀਤਾ ਕਿ ਉਹ ਇਸ ਕੁਦਰਤੀ ਆਫ਼ਤ ਨੂੰ ਲੰਬੀ ਲੜਾਈ ਸਮਝ ਕੇ ਲੜਨ ਲਈ ਤਿਆਰ ਹਨ। ਸਭ ਤੋਂ ਪਹਿਲੇ ਪੜਾਅ ਵਿੱਚ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਅਤੇ ਮਾਲ-ਡੰਗਰ ਲਈ ਚਾਰਾ ਆਦਿ ਵੰਡਣ ਤੋਂ ਇਲਾਵਾ ਤਰਪਾਲਾਂ ਤੇ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਦੌਰਾਨ ਪਾਣੀ ਲਹਿ ਜਾਣ ਉਪਰੰਤ ਫੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਦਵਾਈਆਂ ਤੇ ਡਾਕਟਰਾਂ ਦੀਆਂ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਮੌਜ਼ੂਦ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ,ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਇਸ ਵੱਡੇ ਉਪਰਾਲੇ ਲਈ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ.ਉਬਰਾਏ ਦੀ ਹਰ ਸੰਕਟ ਸਮੇਂ ਨਿਭਾਈ ਜਾਣ ਵਾਲੀ ਸੇਵਾ ਤੇ ਸਮਰਪਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ।