War on Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਹੁਣ ਤੱਕ 580 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 68 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 11 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1540 ਹੋ ਗਈ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 10904 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 2.88 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
🚨 Day 11 of #YudhNashianVirudh: Punjab Police continues the fight against drugs.
🔍 Raids conducted at 580 locations of Punjab including Jails of five districts.
👮 110 drug smugglers arrested, 68 FIRs registered across the state
💥 Recovered:
✅ 2.8 kg heroin
✅ 500 grams… pic.twitter.com/9BvgxKqNPu— Punjab Police India (@PunjabPoliceInd) March 11, 2025
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 631 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 1 ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 146 ਜਾਗਰੂਕਤਾ ਸਮਾਗਮ ਕਰਵਾਏ ਗਏ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹਾਂ ਵਿੱਚ ਕਿਸੇ ਵੀ ਕਿਸਮ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੰਜ ਜ਼ਿਲ੍ਹਿਆਂ – ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਘਰਾਂ ਅਤੇ ਪਖਾਨਿਆਂ ਸਮੇਤ ਹਰੇਕ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।