ਅੰਡਰ-19 ਏਸ਼ੀਆ ਕੱਪ ਦੇ ਫਾਈਨਲ ‘ਚ ਭਾਰਤ ਦੀ ਐਂਟਰੀ, 14 ਨਵੰਬਰ ਨੂੰ ਪਾਕਿਸਤਾਨ ਨਾਲ ਹੋਵੇਗੀ ਟੱਕਰ
Under 19 Asia Cup India vs Afghanistan; ਅੰਡਰ-19 ਏਸ਼ੀਆ ਕੱਪ 2026 ਦੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 227 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਭਾਰਤੀ ਟੀਮ ਨੇ ਸਿਰਫ਼ 2 ਵਿਕਟਾਂ ਗੁਆ ਕੇ 228 ਦੌੜਾਂ ਦਾ ਟੀਚਾ ਹਾਸਲ ਕਰ ਲਿਆ।
ਹੁਣ ਖ਼ਿਤਾਬੀ ਮੁਕਾਬਲੇ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਦੀ ਅੰਡਰ-19 ਟੀਮ ਨਾਲ ਹੋਵੇਗਾ। ਫਾਈਨਲ ਮੈਚ 14 ਨਵੰਬਰ ਨੂੰ ਖੇਡਿਆ ਜਾਵੇਗਾ।
ਭਾਰਤੀ ਬੱਲੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ
ਅਫਗਾਨਿਸਤਾਨ ਵੱਲੋਂ ਦਿੱਤੇ 228 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਖੇਡ ਦਿਖਾਈ। ਭਾਰਤ ਵੱਲੋਂ ਕਪਤਾਨ ਲਕਸ਼ ਰਾਏਚੰਦਾਨੀ ਨੇ ਸਭ ਤੋਂ ਵੱਧ 93 ਦੌੜਾਂ ਬਣਾਈਆਂ। ਉਨ੍ਹਾਂ ਦੀ ਪਾਰੀ ਵਿੱਚ 13 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।
ਇਸ ਤੋਂ ਇਲਾਵਾ ਆਰਿਆਵੀਰ ਸਹਿਵਾਗ ਅਤੇ ਵੀ.ਕੇ. ਵਿਨੀਤ ਨੇ ਵੀ ਅਰਧ ਸੈਂਕੜੇ ਜੜੇ। ਆਰਿਆਵੀਰ ਨੇ 51 ਦੌੜਾਂ ਬਣਾਈਆਂ, ਜਦਕਿ ਵਿਨੀਤ 57 ਦੌੜਾਂ ਬਣਾ ਕੇ ਨਾਬਾਦ ਰਹੇ। ਇਨ੍ਹਾਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਭਾਰਤ ਨੇ ਆਸਾਨੀ ਨਾਲ ਜਿੱਤ ਦਰਜ ਕੀਤੀ।
ਲੀਗ ਮੈਚਾਂ ‘ਚ ਦੋ ਜਿੱਤਾਂ ਨਾਲ ਸੈਮੀਫਾਈਨਲ ‘ਚ ਪਹੁੰਚਿਆ ਸੀ ਭਾਰਤ
ਲਕਸ਼ ਰਾਜੇਸ਼ ਰਾਏਚੰਦਾਨੀ ਦੀ ਕਪਤਾਨੀ ਹੇਠ ਭਾਰਤ ਨੇ ਲੀਗ ਪੜਾਅ ਦੇ ਪਹਿਲੇ ਮੈਚ ਵਿੱਚ ਨੇਪਾਲ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਸੀ। ਦੂਜੇ ਮੈਚ ਵਿੱਚ ਉਸ ਨੂੰ ਪਾਕਿਸਤਾਨ ਹੱਥੋਂ ਤਿੰਨ ਵਿਕਟਾਂ ਨਾਲ ਨਜ਼ਦੀਕੀ ਹਾਰ ਦਾ ਸਾਹਮਣਾ ਕਰਨਾ ਪਿਆ।
ਹਾਲਾਂਕਿ, ਆਖ਼ਰੀ ਲੀਗ ਮੈਚ ਵਿੱਚ ਭਾਰਤ ਨੇ ਯੂਏਈ ਨੂੰ 70 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਸੀ।
ਦੂਜੇ ਪਾਸੇ ਅਫਗਾਨਿਸਤਾਨ ਦੀ ਟੀਮ ਆਪਣੇ ਤਿੰਨੇ ਲੀਗ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚੀ ਸੀ। ਉਸ ਨੇ ਬੰਗਲਾਦੇਸ਼, ਮਲੇਸ਼ੀਆ ਅਤੇ ਸ੍ਰੀਲੰਕਾ ਨੂੰ ਹਰਾਇਆ ਸੀ।
ਫਾਈਨਲ ‘ਚ ਹੋਵੇਗਾ ਭਾਰਤ-ਪਾਕਿਸਤਾਨ ਦਾ ਮੁਕਾਬਲਾ
ਭਾਰਤ ਤੋਂ ਪਹਿਲਾਂ ਪਾਕਿਸਤਾਨ ਦੀ ਟੀਮ ਵੀ ਫਾਈਨਲ ਵਿੱਚ ਪਹੁੰਚ ਚੁੱਕੀ ਹੈ। ਪਾਕਿਸਤਾਨ ਨੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਖ਼ਿਤਾਬੀ ਮੁਕਾਬਲੇ ਲਈ ਟਿਕਟ ਹਾਸਲ ਕੀਤੀ। ਹੁਣ 14 ਨਵੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖ਼ਿਤਾਬ ਲਈ ਟੱਕਰ ਹੋਵੇਗੀ।