ਮਾਮੂਲੀ ਤਕਰਾਰ ਮਗਰੋਂ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ ਫਾਇਰਿੰਗ, ਜਾਨ ਬਚਾਉਂਦੇ ਭੱਜੇ ਲੋਕ
Tarn Taran Firing; ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਗੱਡੀਆਂ ਅਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਦੇਖਦੇ ਹੀ ਦੇਖਦੇ ਹਿੰਸਕ ਰੂਪ ਧਾਰ ਲਿਆ। ਵਿਵਾਦ ਇੰਨਾ ਵਧ ਗਿਆ ਕਿ ਦੋਵੇਂ ਪਾਸਿਆਂ ਤੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਚਸ਼ਮਦੀਦਾਂ ਮੁਤਾਬਕ, ਮੌਕੇ ‘ਤੇ ਕਰੀਬ 15 ਤੋਂ 16 ਰੌਂਦ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮੁੱਢਲੀ ਜਾਣਕਾਰੀ ਮੁਤਾਬਕ, ਪੱਟੀ ਵਿੱਚ ਗੱਡੀਆਂ ਅਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋਈ ਸੀ। ਇਹ ਬਹਿਸ ਇੰਨੀ ਵਧ ਗਈ ਕਿ ਦੋਵੇਂ ਪਾਸਿਆਂ ਤੋਂ ਹਥਿਆਰ ਕੱਢ ਲਏ ਗਏ ਅਤੇ ਸ਼ਰੇਆਮ ਫਾਇਰਿੰਗ ਸ਼ੁਰੂ ਹੋ ਗਈ। ਗੋਲੀਆਂ ਦੀ ਤਾੜ-ਤਾੜ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਅਤੇ ਰਾਹਗੀਰ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ।
ਕਿਸੇ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ, ਪੁਲਿਸ ਜਾਂਚ ‘ਚ ਜੁਟੀ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੀ ਟੀਮ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਈ। ਫਿਲਹਾਲ, ਗੋਲੀਬਾਰੀ ਦੌਰਾਨ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਬਾਰੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਵਿਵਾਦ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
