ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ‘ਚ ਹਵਾਲਾਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ
Breaking News: ਤਰਨ ਤਾਰਨ ਦੇ ਗੋਇੰਦਵਾਲ ਸਾਹਿਬ ਸਥਿਤ ਕੇਂਦਰੀ ਜੇਲ੍ਹ ਵਿੱਚ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਰਾਹੁਲ ਨਮਾਸੀ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਨਿਊ ਜਵਾਹਰ ਨਗਰ ਮਹਿਤਾ ਰੋਡ ਇਲਾਕੇ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਕੁਝ ਦਿਨ ਪਹਿਲਾਂ ਹੀ ਗੋਇੰਦਵਾਲ ਜੇਲ੍ਹ ਵਿੱਚ ਲਿਆਂਦਾ ਗਿਆ ਸੀ।
ਮ੍ਰਿਤਕ ਦੇ ਪਰਿਵਾਰ ਨੇ ਇਸ ਘਟਨਾ ਨੂੰ ਸ਼ੱਕੀ ਕਰਾਰ ਦਿੰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਰਾਹੁਲ ਦੀ ਮਾਂ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੇ ਪੁੱਤਰ ਨੂੰ ਮਿਲਣ ਲਈ ਗੋਇੰਦਵਾਲ ਜੇਲ੍ਹ ਵਿੱਚ ਗਈ ਸੀ। ਉਨ੍ਹਾਂ ਨੇ ਸਵੇਰੇ ਅਤੇ ਸ਼ਾਮ ਨੂੰ ਦੋ ਵਾਰ ਰਾਹੁਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਸ ਸਮੇਂ ਉਹ ਬਿਲਕੁਲ ਠੀਕ ਸੀ। ਮਾਂ ਦੇ ਅਨੁਸਾਰ ਪੁਲਿਸ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਰਾਹੁਲ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਪਹੁੰਚੀ ਤਾਂ ਉਸਨੂੰ ਉਸਦੀ ਮੌਤ ਦੀ ਸੂਚਨਾ ਮਿਲੀ।
ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਰਾਹੁਲ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਮੌਤ ਦੇ ਕਾਰਨ ਦਾ ਪਤਾ ਲਗਾਉਣ ਲਈ ਡਾਕਟਰਾਂ ਦਾ ਤਿੰਨ ਮੈਂਬਰੀ ਬੋਰਡ ਪੋਸਟਮਾਰਟਮ ਕਰੇਗਾ। ਪਰਿਵਾਰ ਨੇ ਰਾਹੁਲ ਦੀ ਜੇਲ੍ਹ ਵਿੱਚ ਹੋਈ ਮੌਤ ਦੀ ਪੂਰੀ ਜਾਂਚ ਦੀ ਮੰਗ ਕੀਤੀ ਹੈ।