LPU ਹੰਗਾਮੇ ਮਗਰੋਂ ਇੰਟਰਨੈੱਟ ਸੇਵਾ ਬੰਦ, ਯੂਨੀਵਰਸਿਟੀ ਵੀ 10 ਦਿਨ ਲਈ ਬੰਦ
Internet services suspended at LPU: ਫਗਵਾੜਾ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਤੋਂ ਬਾਅਦ ਅਗਲੇ ਹੁਕਮਾਂ ਤੱਕ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹ ਕਦਮ ਭੜਕਾਊ ਵੀਡੀਓ ਜਾਂ ਹੋਰ ਸਮੱਗਰੀ ਰਾਹੀਂ ਮਾਹੌਲ ਮੁੜ ਖਰਾਬ ਹੋਣ ਤੋਂ ਰੋਕਣ ਲਈ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਤੋਂ FIR ਦੀ ਕਾਪੀ, SIT ਦੀ ਰਿਪੋਰਟ ਅਤੇ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਯੂਨੀਵਰਸਿਟੀ ਦੇ ਗਰਲਜ਼ ਹੋਸਟਲਾਂ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਨਿਰਦੇਸ਼ਾਂ ’ਤੇ ਡੀਜੀਪੀ ਗੌਰਵ ਯਾਦਵ ਨੇ ਯੂਨੀਵਰਸਿਟੀ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਘੱਟ ਤੋਂ ਘੱਟ ਬਲ ਦੀ ਵਰਤੋਂ ਕੀਤੀ ਗਈ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਦਾ ਗਠਨ ਕਰ ਦਿੱਤਾ ਗਿਆ ਹੈ।
