Laljit Singh Bhullar started formal procurement of wheat:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਣਾ ਮੰਡੀ ਪੱਟੀ, ਹਰੀਕੇ, ਸਰਹਾਲੀ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਪਹੁੰਚ ਕੇ ਕਣਕ ਦੀ ਰਸਮੀਂ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਦਿਲਬਾਗ਼ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪੱਟੀ ਗੁਰਪ੍ਰਿੰਦਰ ਸਿੰਘ ਉੱਪਲ, ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆ ਹਰਜੀਤ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ ਕਣਕ ਦੀ ਖ਼ਰੀਦ ਪ੍ਰਕਿਿਰਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 59 ਖਰੀਦ ਕੇਂਦਰ ਬਣਾਏ ਗਏ ਹਨ ਅਤੇ 40 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਨੂੰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ, ਉੱਥੇ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਲਿਫ਼ਟਿੰਗ ਨਾਲੋਂ-ਨਾਲ ਕਰਵਾਉਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਹਦਾਇਤ ਕੀਤੀ ਗਈ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਸਾਰੇ ਲੋੜੀਂਦੇ ਪ੍ਰਬੰਧਾਂ ਜਿਵੇਂ ਕਿ ਪੀਣ ਯੋਗ ਪਾਣੀ, ਸੈਨੀਟੇਸ਼ਨ, ਛਾਂ, ਤਰਪਾਲਾਂ, ਲੋੜੀਂਦੀ ਮਾਤਰਾ ਵਿੱਚ ਬਾਰਦਾਨੇ ਦੀ ਉਪਲਬੱਧਤਾ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਹਨਾਂ ਕਿਹਾ ਕਿ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਣਕ ਦੀ ਖਰੀਦ ਪ੍ਰਕਿਿਰਆ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨੂੰ ਸਖਤ ਹਦਾੲਤਾਂ ਕੀਤੀਆਂ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਨੇਪਰੇ ਚਾੜ੍ਹਨ ਲਈ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ।