ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ, CM ਮਾਨ ਤੇ ਬਿੱਟੂ ਗਵਰਨਰ ਨੂੰ ਮਿਲੇ
Jagtar Singh Hawara parole Issue: ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਹਵਾਰਾ ਨੂੰ ਇੱਕ ਦਿਨ ਦੀ ਪੈਰੋਲ ਦੇਣ ਦੀ ਮਨਜ਼ੂਰੀ ਦਿੱਤੀ ਗਈ ਸੀ, ਪਰ ਹਵਾਰਾ ਨੇ ਇਹ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ। ਉਸ ਵੱਲੋਂ ਘੱਟੋ-ਘੱਟ 10 ਦਿਨ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਠੀਕ ਨਹੀਂ ਰਹਿੰਦੀ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਉਹ ਆਪਣੇ ਪੁੱਤਰ ਨੂੰ ਮਿਲ ਸਕਣ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ 10 ਦਿਨ ਦੀ ਪੈਰੋਲ ਦੀ ਸਿਫਾਰਸ਼ ਕੀਤੀ ਹੈ। ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਪੂਰੀ ਜ਼ਿੰਮੇਵਾਰੀ ਲਵੇਗੀ ਅਤੇ ਪੈਰੋਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੁੜਦੰਗਬਾਜ਼ੀ ਨਹੀਂ ਹੋਣ ਦਿੱਤੀ ਜਾਵੇਗੀ। ਹਵਾਰਾ ਇਸ ਸਮੇਂ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ।
ਸਿਆਸੀ ਮਾਹਿਰਾਂ ਮੁਤਾਬਕ ਹਵਾਰਾ ਦੀ ਪੈਰੋਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਰੁਖ ਪੰਥਕ ਵੋਟ ਬੈਂਕ ਨੂੰ ਸਾਧਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪੈਰੋਲ ਲਈ ਸਿਫਾਰਸ਼ ਕਰਨ ਅਤੇ ਕਾਨੂੰਨ-ਵਿਵਸਥਾ ਦੀ ਗਾਰੰਟੀ ਦੇਣ ਨੂੰ ਪੰਥਕ ਵਰਗ ਵਿੱਚ ਸਕਾਰਾਤਮਕ ਸੰਦੇਸ਼ ਦੇਣ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਫਾਰਸ਼ ਤੋਂ ਬਾਅਦ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਹੈ।
ਖਾਸ ਗੱਲ ਇਹ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਹੀ ਜਗਤਾਰ ਸਿੰਘ ਹਵਾਰਾ ਸਜ਼ਾ ਕੱਟ ਰਿਹਾ ਹੈ। ਇਸ ਕਾਰਨ ਬਿੱਟੂ ਵੱਲੋਂ ਹਵਾਰਾ ਦੀ ਪੈਰੋਲ ਦੀ ਮੰਗ ਕਰਨਾ ਸਿਆਸੀ ਅਤੇ ਸਮਾਜਿਕ ਤੌਰ ’ਤੇ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
