ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ
Jagtar Singh Hawara prepares for parole: ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਅਤੇ ਮੁੱਖ ਬੁਲਾਰੇ ਬਾਪੂ ਗੁਰਚਰਨ ਸਿੰਘ ਤੇ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੋਰਚੇ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਇੱਕ ਦਿਨ ਦੀ ਪੈਰੋਲ ਵੀ ਦਿੰਦਾ ਹੈ ਤਾਂ ਉਹ ਇਸ ਨੂੰ ਸਵੀਕਾਰ ਕਰ ਲੈਣ।
ਬਿਆਨ ਮੁਤਾਬਕ, ਜੇਲ੍ਹ ਤਬਦੀਲੀ ਅਤੇ ਪੈਰੋਲ ਸਬੰਧੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਦੌਰਾਨ ਪ੍ਰਸ਼ਾਸਨ ਵੱਲੋਂ ਇਹ ਲਿਖਤੀ ਪੱਖ ਰੱਖਿਆ ਜਾਂਦਾ ਹੈ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਆਪਣੀ ਮਾਤਾ ਨੂੰ ਮਿਲਣ ਲਈ ਨਹੀਂ ਆਉਣਾ ਚਾਹੁੰਦੇ। ਮੋਰਚੇ ਦਾ ਕਹਿਣਾ ਹੈ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਜਥੇਦਾਰ ਹਵਾਰਾ ਨੂੰ ਇੱਕ ਦਿਨ ਦੀ ਪੈਰੋਲ ਲੈਣ ਦੀ ਅਪੀਲ ਕੀਤੀ ਸੀ।
ਆਗੂਆਂ ਅਨੁਸਾਰ, ਜਥੇਦਾਰ ਹਵਾਰਾ ਨੇ ਮੋਰਚੇ ਦੀ ਇਸ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਸੰਭਾਵਨਾ ਜਤਾਈ ਕਿ ਜੇਲ੍ਹ ਪ੍ਰਸ਼ਾਸਨ ਆਉਣ ਵਾਲੇ ਕੁਝ ਦਿਨਾਂ ਵਿੱਚ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਇੱਕ ਦਿਨ ਦੀ ਪੈਰੋਲ ’ਤੇ ਲਿਆ ਸਕਦਾ ਹੈ। ਹਾਲਾਂਕਿ, ਪੈਰੋਲ ਮਿਲਣ ਸਬੰਧੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
