Hazuri Raagi Bhai Inderjit Singh passes away;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ।
ਇਸਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਜ਼ਿਕਰਯੋਗ ਹੈ ਕਿ ਭਾਈ ਇੰਦਰਜੀਤ ਸਿੰਘ ਯੂ.ਕੇ. ਵਿਖੇ ਅਕਾਲ ਚਲਾਣਾ ਕਰ ਗਏ ਹਨ।