ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸਮੂਹ ਸਿੱਖ ਸੰਗਤ ਨੂੰ ਕੀਤਾ ਸੱਦਾ, ਕਿਹਾ– ਬੱਚਿਆਂ ਨੂੰ ਗੁਰੂ ਘਰਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ, ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਇਕਜੁੱਟ ਹੋਵੇ
ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਧਾਰਮਿਕ ਸਰਗਰਮੀਆਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਚਰਨਾਂ ਵਿੱਚ ਸੀਸ ਨਿਵਾ ਕੇ ਸਰਬੱਤ ਦੇ ਭਲੇ, ਸੰਸਾਰ ਵਿੱਚ ਸੁੱਖ-ਸ਼ਾਂਤੀ ਅਤੇ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਆਗਾਮੀ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਸਮੂਹ ਸਿੱਖ ਸੰਗਤ ਨੂੰ ਭਾਵਪੂਰਤ ਅਪੀਲ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦੀ ਮਹਾਨਤਾ ਬਿਆਨ ਕਰਦਿਆਂ ਕਿਹਾ ਕਿ “ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ”। ਗੁਰੂ ਨਾਨਕ ਪਾਤਸ਼ਾਹ ਜੀ ਦਾ ਇਸ ਧਰਤੀ ‘ਤੇ ਪ੍ਰਕਾਸ਼ ਮਨੁੱਖਤਾ ਲਈ ਉਹ ਮਹਾਨ ਵਰਦਾਨ ਸੀ, ਜਿਸ ਨੇ ਅਗਿਆਨਤਾ ਅਤੇ ਹਨੇਰੇ ਵਿੱਚ ਭਟਕ ਰਹੀ ਦੁਨੀਆ ਨੂੰ ਸੱਚ, ਗਿਆਨ, ਬਰਾਬਰੀ, ਸੇਵਾ ਅਤੇ ਸਰਬ ਸਾਂਝੀਵਾਲਤਾ ਦਾ ਰਾਹ ਦਿਖਾਇਆ। ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਰਾਏ ਭੋਇ ਦੀ ਤਲਵੰਡੀ ਵਿਖੇ ਹੋਇਆ ਅਤੇ ਉਨ੍ਹਾਂ ਨੇ ਆਪਣੀ ਸਮੁੱਚੀ ਜੀਵਨ ਯਾਤਰਾ ਰਾਹੀਂ ਮਨੁੱਖਤਾ ਨੂੰ ਉੱਚੀ-ਸੁੱਚੀ ਜੀਵਨ ਜਾਂਚ ਬਖ਼ਸ਼ੀ।
ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਇਹ ਵਿਸ਼ੇਸ਼ ਸੁਭਾਗ ਪ੍ਰਾਪਤ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਭਗ 14 ਸਾਲ, 9 ਮਹੀਨੇ ਅਤੇ 13 ਦਿਨ ਇੱਥੇ ਬਤੀਤ ਕੀਤੇ। ਇਸੇ ਪਾਵਨ ਧਰਤੀ ਤੋਂ ਗੁਰੂ ਸਾਹਿਬ ਜੀ ਨੇ ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਅਮਲੀ ਰੂਪ ਵਿੱਚ ਦ੍ਰਿੜ੍ਹ ਕਰਵਾਉਂਦਿਆਂ ਸਮੁੱਚੀ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਮਹਾਨ ਉਪਦੇਸ਼ ਦਿੱਤਾ। ਗੁਰੂ ਸਾਹਿਬ ਜੀ ਦੀ ਇਸ ਪਾਵਨ ਯਾਦ ਨਾਲ ਜੁੜੀ ਸੁਲਤਾਨਪੁਰ ਲੋਧੀ ਦੀ ਧਰਤੀ ਅੱਜ ਵੀ ਸਮੁੱਚੀ ਲੋਕਾਈ ਲਈ ਸ਼ਰਧਾ, ਪ੍ਰੇਰਨਾ ਅਤੇ ਅਧਿਆਤਮਿਕਤਾ ਦਾ ਕੇਂਦਰ ਹੈ।
ਜਥੇਦਾਰ ਸਾਹਿਬ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਖਾਲਸਾ ਪੰਥ ਵੱਲੋਂ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 23 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ 24 ਅਤੇ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਸਮੁੱਚੀ ਸਿੱਖ ਸੰਗਤ, ਖ਼ਾਸ ਕਰਕੇ ਪੰਜਾਬ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸੰਗਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਸ੍ਰੀ ਹੱਟ ਸਾਹਿਬ ਅਤੇ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ। ਇਹ ਕੇਵਲ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਦਾ ਵੀ ਸੁਨਹਿਰੀ ਮੌਕਾ ਹੈ।
ਬੱਚਿਆਂ ਨੂੰ ਗੁਰੂ ਘਰਾਂ ਅਤੇ ਗੁਰ ਇਤਿਹਾਸ ਨਾਲ ਜੋੜਨਾ ਮਾਪਿਆਂ ਦੀ ਅਹਿਮ ਜ਼ਿੰਮੇਵਾਰੀ
ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੜੇ ਭਾਵਪੂਰਤ ਸ਼ਬਦਾਂ ਵਿੱਚ ਕਿਹਾ ਕਿ ਬੱਚੇ ਗੁਲਾਬ ਦੇ ਫੁੱਲਾਂ ਵਾਂਗ ਹੁੰਦੇ ਹਨ, ਜਿਨ੍ਹਾਂ ਦੇ ਨੇੜੇ ਜਾਣ ਨਾਲ ਸੁਗੰਧੀ ਮਹਿਸੂਸ ਹੁੰਦੀ ਹੈ। ਬੱਚਿਆਂ ਦੇ ਮਨ ਵੀ ਬਹੁਤ ਕੋਮਲ ਹੁੰਦੇ ਹਨ ਅਤੇ ਉਨ੍ਹਾਂ ਨੂੰ ਜਿਸ ਤਰ੍ਹਾਂ ਦੀ ਸਿੱਖਿਆ, ਸੰਸਕਾਰ ਅਤੇ ਮਾਹੌਲ ਮਿਲਦਾ ਹੈ, ਉਹੋ ਜਿਹੀ ਹੀ ਸ਼ਖ਼ਸੀਅਤ ਉਨ੍ਹਾਂ ਦੀ ਘੜੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਿਯਮਿਤ ਤੌਰ ‘ਤੇ ਗੁਰਦੁਆਰਾ ਸਾਹਿਬ ਲੈ ਕੇ ਆਉਣ, ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ, ਸਿੱਖ ਰਹਿਤ-ਮਰਿਆਦਾ ਅਤੇ ਸਿੱਖੀ ਦੇ ਮਹਾਨ ਸਿਧਾਂਤਾਂ ਬਾਰੇ ਜਾਣੂ ਕਰਵਾਉਣ। ਜਦੋਂ ਬੱਚੇ ਛੋਟੀ ਉਮਰ ਤੋਂ ਹੀ ਗੁਰੂ ਘਰਾਂ ਨਾਲ ਜੁੜਨਗੇ ਤਾਂ ਉਨ੍ਹਾਂ ਦੇ ਅੰਦਰ ਗੁਰੂ ਪ੍ਰਤੀ ਸ਼ਰਧਾ, ਸਤਿਕਾਰ ਅਤੇ ਚੰਗੇ ਸੰਸਕਾਰ ਪੈਦਾ ਹੋਣਗੇ। ਇਹ ਬੱਚੇ ਹੀ ਕੱਲ੍ਹ ਨੂੰ ਕੌਮ ਦਾ ਭਵਿੱਖ ਬਣਨਗੇ ਅਤੇ ਸਿੱਖੀ ਦੀਆਂ ਮਹਾਨ ਰਵਾਇਤਾਂ ਨੂੰ ਅੱਗੇ ਲੈ ਕੇ ਜਾਣਗੇ।
ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰੋ, ਜਵਾਨੀ ਨੂੰ ਬਚਾਉਣਾ ਸਾਰਿਆਂ ਦਾ ਫਰਜ਼
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੁਨੇਹਾ ਦਿੰਦਿਆਂ ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਸਮਾਜ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਡਟਣ ਦੀ ਲੋੜ ਹੈ। ਨਸ਼ਾ ਵੇਚਣ ਵਾਲੇ ਲੋਕ ਸਾਡੇ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਅਜਿਹੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਹਰ ਮਾਪੇ, ਸਮਾਜਿਕ ਸੰਸਥਾ ਤੇ ਧਾਰਮਿਕ ਜਥੇਬੰਦੀ ਨੂੰ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨੌਜਵਾਨੀ ਨੂੰ ਗੁਰੂ ਸਾਹਿਬ ਜੀ ਦੀ ਬਾਣੀ, ਗੁਰਮਤਿ ਅਤੇ ਸਿੱਖੀ ਜੀਵਨ ਜਾਂਚ ਨਾਲ ਜੋੜਿਆ ਜਾਵੇ। ਨੌਜਵਾਨਾਂ ਨੂੰ ਨਸ਼ਿਆਂ ਦੀ ਥਾਂ ਨਾਮ ਸਿਮਰਨ ਅਤੇ ਗੁਰਬਾਣੀ ਦਾ ਨਸ਼ਾ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਮਿਹਰ ਕਰਨ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਵੇ ਅਤੇ ਸਾਡੀ ਨੌਜਵਾਨ ਪੀੜ੍ਹੀ ਚੰਗੇ ਰਾਹ ‘ਤੇ ਚੱਲ ਕੇ ਕੌਮ, ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਵੇ।
ਅੰਤ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਖਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਮੁੱਚੇ ਸੰਸਾਰ ਵਿੱਚ ਸੁੱਖ-ਸ਼ਾਂਤੀ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਰਬੱਤ ਦਾ ਭਲਾ ਬਣਿਆ ਰਹੇ ਅਤੇ ਮਨੁੱਖਤਾ ਇੱਕ-ਦੂਜੇ ਦਾ ਸਹਾਰਾ ਬਣ ਕੇ ਜੀਵਨ ਬਤੀਤ ਕਰੇ।
ਉਨ੍ਹਾਂ ਸਮੁੱਚੀ ਸੰਗਤ ਨੂੰ ਮੁੜ ਸੱਦਾ ਦਿੱਤਾ ਕਿ ਗੁਰੂ ਨਾਨਕ ਪਾਤਸ਼ਾਹ ਜੀ ਦੀ ਇਸ ਪਾਵਨ ਧਰਤੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰੇ ਅਤੇ ਗੁਰੂ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰੇ।