Punjab Floods: ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਦੇ ਇਹ ਕਾਰਜ ਲਗਾਤਾਰ ਜਾਰੀ ਹਨ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।
Kalgidhar Trust Baru Sahib: ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਕਾਂ ਤੇ ਸਮੂਹ ਸੇਵਾਦਾਰਾਂ ਦਾ ਰਾਹਤ ਕਾਰਜਾਂ ਲਈ ਧੰਨਵਾਦ ਕੀਤਾਗੁਰਦਾਸਪੁਰ ਵਿੱਚ ਰਾਵੀ ਦਰਿਆ ਕਾਰਨ ਆਏ ਹੜ੍ਹਾਂ ਦੌਰਾਨ ਬਚਾਅ ਤੇ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਹੁਣ ਤੱਕ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੇਵਾਦਾਰਾਂ ਵੱਲੋਂ ਕਈ ਕੀਮਤੀ ਜਾਨਾਂ ਬਚਾਉਣ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਦੇ ਇਹ ਕਾਰਜ ਲਗਾਤਾਰ ਜਾਰੀ ਹਨ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।
ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਗਜੀਤ ਸਿੰਘ ਵੱਲੋਂ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨਾਲ ਮੁਲਾਕਾਤ ਕਰਕੇ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿਭਾਈ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਕਿਹਾ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ੍ਹ ਪੀੜ੍ਹਤਾਂ ਦੇ ਪੁਨਰਵਾਸ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇਗਾ।
ਬਾਬਾ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਹੜ੍ਹ ਆ ਗਏ ਤਾਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਨੇ ਬਿਨਾਂ ਕਿਸੇ ਦੇਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਹੜ੍ਹ ਤੋਂ ਲੋਕਾਂ ਨੂੰ ਬਚਾਉਣ ਲਈ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਵਲੰਟੀਅਰ ਪਹਿਲੇ ਦਿਨ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨਾਲ ਸਹਿਯੋਗ ਕਰਦੇ ਹੋਏ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਲੱਗੇ ਹੋਏ ਸਨ।
ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਮਕੌੜਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਟਰੱਸਟ ਦੇ ਵਲੰਟੀਅਰ ਹਰ ਉਸ ਲੋੜਵੰਦ ਤੱਕ ਪਹੁੰਚ ਕਰਕੇ ਰਾਹਤ ਪਹੁੰਚਾਅ ਰਹੇ ਹਨ ਜਿੱਥੇ ਕਿਸ਼ਤੀ ਤੋਂ ਬਿਨਾਂ ਪਹੁੰਚ ਨਹੀਂ ਹੋ ਸਕਦੀ ਸੀ।
ਪਿਛਲੇ 25 ਸਾਲਾਂ ਤੋਂ ਆਫ਼ਤਾਂ ‘ਚ ਲੋਕਾਂ ਨੂੰ ਬਚਾਉਣ ਲਈ ਸੇਵਾਵਾਂ ਨਿਭਾ ਰਹੀ ਸੰਸਥਾ
ਬਾਬਾ ਜਗਜੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਇਕਬਾਲ ਸਿੰਘ ਦੇ ਅਸ਼ੀਰਵਾਦ ਸਦਕਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਪਿਛਲੇ 25 ਸਾਲਾਂ ਤੋਂ ਆਫ਼ਤਾਂ ਵਿੱਚ ਲੋਕਾਂ ਨੂੰ ਬਚਾਉਣ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਤਜ਼ਰਬਾ ਦੱਸਦਾ ਹੈ ਕਿ ਹੜ੍ਹਾਂ ਵਿੱਚ ਵਿੱਚ ਪਹਿਲਾ ਕਾਰਜ ਪ੍ਰਭਾਵਿਤ ਲੋਕਾਂ ਦੀ ਜਾਨ ਨੂੰ ਬਚਾਉਣਾ ਹੈ ਜੋ ਉਨ੍ਹਾਂ ਦੇ ਵਲੰਟੀਅਰਜ਼ ਨੇ ਬਾਖ਼ੂਬੀ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ ਤਿੰਨ ਮਹੀਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਬੜੇ ਸੰਵੇਦਨਸ਼ੀਲ ਹਨ ਅਤੇ ਇਸ ਸਮੇਂ ਦੌਰਾਨ ਲੋਕਾਂ ਦਾ ਪੁਨਰਵਾਸ ਕਰਨਾ ਵੱਡੀ ਚੁਣੌਤੀ ਰਹੇਗੀ।
ਉਨ੍ਹਾਂ ਕਿਹਾ ਕਿ ਕਲਗ਼ੀਧਰ ਟਰੱਸਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਲ ਕੇ ਅਗਲੇ ਤਿੰਨ ਮਹੀਨੇ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਘਰ ਢਹਿ ਗਿਆ ਹੈ ਤਾਂ ਉਸ ਨੂੰ ਵੀ ਟਰੱਸਟ ਵੱਲੋਂ ਠੀਕ ਕੀਤਾ ਜਾਵੇਗਾ। ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨ ਦੇ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਹੋਰ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਲਗ਼ੀਧਰ ਟਰੱਸਟ ਸੰਗਤਾਂ ਦੇ ਸਹਿਯੋਗ ਨਾਲ ਇਨ੍ਹਾਂ ਸਾਰੇ ਸੇਵਾ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕਿਹਾ ਕਿ ਜਿੱਥੇ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਦਦ ਦੀ ਲੋੜ ਹੋਵੇ ਉਹ ਓਥੇ ਆਪਣੀਆਂ ਸੇਵਾਵਾਂ ਨਿਭਾਉਣ ਲਈ ਤਿਆਰ ਹਨ।
ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਧੰਨਵਾਦੀ
ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਬਾਬਾ ਜਗਜੀਤ ਸਿੰਘ ਅਤੇ ਬਾਬਾ ਹਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਸ ਸੰਕਟ ਦੀ ਘੜੀ ਵਿੱਚ ਆਪਣਾ ਬਹੁਤ ਵੱਡਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਵਲੰਟੀਅਰ ਪਹਿਲੇ ਦਿਨ ਤੋਂ ਹੀ ਬਚਾਅ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇ ਰਹੇ ਸਨ ਜਿਸ ਸਦਕਾ ਬਹੁਤ ਸਾਰੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਸਕਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜ ਜਾਰੀ ਹਨ ਅਤੇ ਜਿੱਥੇ-ਜਿੱਥੇ ਵੀ ਉਨ੍ਹਾਂ ਨੂੰ ਲੋੜ ਮਹਿਸੂਸ ਹੋਵੇਗੀ ਉਹ ਕਲਗ਼ੀਧਰ ਟਰੱਸਟ ਬੜੂ ਸਾਹਿਬ ਦਾ ਸਹਿਯੋਗ ਲੈਂਦੇ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰ ਰਹੀਆਂ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਬੇਨਤੀ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਜ਼ਰੂਰ ਕਰਨ ਤਾਂ ਜੋ ਹੜ੍ਹ ਪੀੜ੍ਹਤਾਂ ਨੂੰ ਵੰਡੀ ਜਾ ਰਹੀ ਰਾਹਤ ਸਮਗਰੀ ਨੂੰ ਹਰ ਲੋੜਵੰਦ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਇਸ ਸਬੰਧੀ ਸਬੰਧਿਤ ਇਲਾਕੇ ਦੇ ਐੱਸ.ਡੀ.ਐੱਮ. ਨੂੰ ਸੰਪਰਕ ਕਰ ਸਕਦੇ ਹਨ।