Malvinder Kang vs Bikram Majithia: ਕੰਗ ਨੇ ਸਵਾਲ ਕੀਤਾ ਕਿ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਬਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ।
Majitha Liquor Tragedy: ਮਜੀਠਾ ‘ਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੱਲੋਂ ਮੁੱਖ ਦੋਸ਼ੀ ਬਾਰੇ ਦਿੱਤੇ ਗਏ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਅਤੇ ਮਜੀਠੀਆ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ।
ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਬਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ ਉਨ੍ਹਾਂ ਦੀ ਦੋਸ਼ੀਆਂ ਨਾਲ ਚੰਗੀ ਜਾਣ-ਪਛਾਣ ਹੈ ਜਾਂ ਉਹ ਸਰਾਸਰ ਝੂਠ ਬੋਲ ਰਹੇ ਹਨ।
ਜਨਤਾ ਨੂੰ ਗੁੰਮਰਾਹ ਨਾ ਕਰੋ- ਮਲਵਿੰਦਰ ਕੰਗ
ਕੰਗ ਨੇ ਕਿਹਾ ਕਿ ਜੇਕਰ ਮਜੀਠੀਆ ਨੂੰ ਲੱਗਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗ਼ਲਤ ਹਨ ਤਾਂ ਉਨ੍ਹਾਂ ਨੂੰ ਅਸਲ ਦੋਸ਼ੀ ਦਾ ਨਾਮ ਪੁਲਿਸ ਨੂੰ ਦੱਸਣਾ ਚਾਹੀਦਾ ਹੈ। ਉਹ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਕੰਗ ਨੇ ਕਿਹਾ ਕਿ ਹੁਣ ਇੰਨਾ ਵੱਡਾ ਦਾਅਵਾ ਕਰਨ ਤੋਂ ਬਾਅਦ, ਜੇਕਰ ਮਜੀਠੀਆ ਮੁੱਖ ਦੋਸ਼ੀ ਦਾ ਨਾਂ ਨਹੀਂ ਦੱਸਦੇ ਹਨ, ਤਾਂ ਇਸ ਦਾ ਮਤਲਬ ਹੈ ਕਿ ਉਹ ਅਪਰਾਧੀਆਂ ਨੂੰ ਰਾਜਨੀਤਿਕ ਸੁਰੱਖਿਆ ਦੇ ਰਹੇ ਹਨ।
‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਬਿਕਰਮਮਜੀਠੀਆ ਅਸਲ ਦੋਸ਼ੀਆਂ ਬਾਰੇ ਜਾਣਦੇ ਹਨ ਕਿਉਂਕਿ ਉਨ੍ਹਾਂ ਦਾ ਨਾਂ ਪਹਿਲਾਂ ਵੀ ਕਈ ਨਸ਼ਾ ਤਸਕਰਾਂ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ, ਇੱਥੇ ਇੱਕ ਵੱਡਾ ਸਵਾਲ ਉੱਠਦਾ ਹੈ ਕਿ ਕੀ ਉਹ ਖ਼ੁਦ ਵੀ ਇਸ ਘਟਨਾ ਵਿੱਚ ਸ਼ਾਮਲ ਤਾਂ ਨਹੀਂ ਹਨ?