ਪਿੰਡ ਆਰੀਆਂਵਾਲ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ
ਕਪੂਰਥਲਾ: ਕਪੂਰਥਲਾ ਦੇ ਨਜ਼ਦੀਕੀ ਪਿੰਡ ਆਰੀਆਂਵਾਲ ਵਿਖੇ ਸਵਰਗੀ ਗੁਰਮੀਤ ਸਿੰਘ ਅਤੇ ਸਵਰਗੀ ਸਰਬਜੀਤ ਕੋਰ (ਸਾਬਕਾ ਸਰਪੰਚ) ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੇਲੇ ਦਾ ਆਯੋਜਨ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ ਗੋਪੀ (ਸਾਬਕਾ ਸਰਪੰਚ) ਅਤੇ ਰਾਜਾ ਕੈਨੇਡਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।
ਪੰਜਾਬੀ ਗਾਇਕਾਂ ਨੇ ਆਪਣੀ ਗਾਇਕੀ ਨਾਲ ਕੀਲੇ ਦਰਸ਼ਕ
ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਲੋਕ ਗਾਇਕਾਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਆਏ ਹੋਏ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਨਾਮਵਰ ਗਾਇਕ ਮਨੀ ਗਿੱਲ, ਪਰਵੇਜ਼ ਖ਼ਾਨ, ਸੁੱਚਾ ਜੈਲਾ, ਰਾਣਾ ਲਹਿਰੀ ਅਤੇ ਮਨੀ ਸਭਰਵਾਲ ਨੇ ਆਪਣੇ ਪ੍ਰਸਿੱਧ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਖ਼ੁਸ਼ਗਵਾਰ ਬਣਾ ਦਿੱਤਾ। ਕਲਾਕਾਰਾਂ ਦੀਆਂ ਬਿਹਤਰੀਨ ਪੇਸ਼ਕਾਰੀਆਂ ‘ਤੇ ਦਰਸ਼ਕ ਦੇਰ ਰਾਤ ਤੱਕ ਝੂਮਦੇ ਨਜ਼ਰ ਆਏ।
ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਅਤਿਥੀ ਵਜੋਂ ਭਰੀ ਹਾਜ਼ਰੀ
ਇਸ ਸੱਭਿਆਚਾਰਕ ਮੇਲੇ ਵਿੱਚ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjeet Singh) ਵਿਸ਼ੇਸ਼ ਤੌਰ ‘ਤੇ ਮੁੱਖ ਅਤਿਥੀ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਮੇਲਾ ਪ੍ਰਬੰਧਕ ਕਮੇਟੀ, ਖ਼ਾਸ ਕਰਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਵੱਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਹਰ ਸਾਲ ਕਰਵਾਏ ਜਾਣ ਵਾਲੇ ਇਸ ਸਮਾਜਿਕ ਅਤੇ ਸੱਭਿਆਚਾਰਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਰਾਣਾ ਗੁਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਸੱਭਿਆਚਾਰਕ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਆਯੋਜਨ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਪਿਛੋਕੜ ਤੇ ਸੱਭਿਆਚਾਰ ਨਾਲ ਜੋੜਦੇ ਹਨ।
ਲੰਗਰ ਅਤੇ ਠੰਢੇ-ਮੀਠੇ ਪਾਣੀ ਦੀਆਂ ਛਬੀਲਾਂ ਦੇ ਵਿਸ਼ੇਸ਼ ਪ੍ਰਬੰਧ
ਮੇਲੇ ਵਿੱਚ ਪਹੁੰਚੀਆਂ ਸੰਗਤਾਂ ਅਤੇ ਦਰਸ਼ਕਾਂ ਲਈ ਚਾਹ-ਪਕੌੜਿਆਂ ਦੇ ਨਾਲ-ਨਾਲ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਪ੍ਰਬੰਧਕਾਂ ਵੱਲੋਂ ਜਗ੍ਹਾ-ਜਗ੍ਹਾ ‘ਤੇ ਠੰਢੇ ਅਤੇ ਮੀਠੇ ਪਾਣੀ ਦੀਆਂ ਛਬੀਲਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਦਾ ਆਈਆਂ ਸੰਗਤਾਂ ਨੇ ਭਰਪੂਰ ਲਾਹਾ ਲਿਆ।
ਪ੍ਰੋਗਰਾਮ ਦੇ ਅਖੀਰ ਵਿੱਚ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।