ਕੌਮੀ ਇਨਸਾਫ਼ ਮੋਰਚੇ ਵੱਲੋਂ CM ਦੀ ਚਿੱਠੀ ਦਾ ਸਵਾਗਤ, 10 ਦਿਨਾਂ ਦੀ ਪੈਰੋਲ ਵਧਾਉਣ ਦੀ ਮੰਗ
Kaumi Insaaf Morcha welcomes CM’s letter: ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਚੱਲ ਰਹੇ ‘ਕੌਮੀ ਇਨਸਾਫ਼ ਮੋਰਚੇ’ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੀ ਚਿੱਠੀ ਦਾ ਸਵਾਗਤ ਕੀਤਾ ਹੈ। ਭਾਈ ਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਇਹ ਕਦਮ ਸਕਾਰਾਤਮਕ ਹੈ, ਪਰ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਮੰਗ ਨਾ-ਕਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਈ ਹਵਾਰਾ ਦੀ ਮਾਤਾ ਦੀ ਗੰਭੀਰ ਸਿਹਤ ਨੂੰ ਦੇਖਦਿਆਂ ਪੈਰੋਲ ਦੀ ਮਿਆਦ ਵਧਾਈ ਜਾਵੇ, ਤਾਂ ਜੋ ਉਹ ਆਪਣੀ ਬਿਰਧ ਅਤੇ ਬਿਮਾਰ ਮਾਂ ਨਾਲ ਵੱਧ ਸਮਾਂ ਬਿਤਾ ਸਕਣ ਅਤੇ ਉਨ੍ਹਾਂ ਦੀ ਦੇਖਭਾਲ ਕਰ ਸਕਣ।
ਉਨ੍ਹਾਂ ਕਿਹਾ ਕਿ ਬਾਕੀ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਸਕਾਰਾਤਮਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਰਿਹਾਈ ਲਈ ਯਤਨ ਤੇਜ਼ ਕਰਨੇ ਚਾਹੀਦੇ ਹਨ। ਭਾਈ ਪਾਲ ਸਿੰਘ ਨੇ ਦਾਅਵਾ ਕੀਤਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਾਹਰ ਆਉਣ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਮੁਤਾਬਕ, ਭਾਈ ਹਵਾਰਾ ਦੀ ਪੈਰੋਲ ਅਤੇ ਰਿਹਾਈ ਦੇ ਸਮਰਥਨ ਵਿੱਚ ਪੰਜਾਬ ਦੇ ਸੈਂਕੜੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ।
ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੈਰੋਲ ਨਾਲ ਸਬੰਧਤ ਕਾਨੂੰਨੀ ਕਾਰਵਾਈ ਜਲਦ ਪੂਰੀ ਕੀਤੀ ਜਾਵੇ ਅਤੇ ਪ੍ਰਸ਼ਾਸਨਿਕ ਦੇਰੀ ਤੋਂ ਬਿਨਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮਿਲਣ ਦਾ ਮੌਕਾ ਦਿੱਤਾ ਜਾਵੇ।
