ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: CM ਮਾਨ

Bhagwant Mann Ambedkar Jayanti speech; ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ […]
Jaspreet Singh
By : Updated On: 14 Apr 2026 21:13:PM
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: CM ਮਾਨ

Bhagwant Mann Ambedkar Jayanti speech; ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ ਤੋਂ ਬਿਲਕੁੱਲ ਵੱਖਰੀ ਆਪਣੀ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸ਼ਕਤੀਕਰਨ ਨੂੰ ਤਰਜੀਹ ਦੇ ਕੇ ਪਛੜੇ ਵਰਗਾਂ ਨੂੰ ਅਣਗੌਲਿਆਂ ਕਰਨ ਦੀ ਇਸ ਸੋਚ ਨੂੰ ਬਦਲ ਰਹੀ ਹੈ।

ਆਦਮਪੁਰ ਵਿੱਚ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਸੂਬੇ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਸਨ। ਬਾਬਾ ਸਾਹਿਬ ਅੰਬੇਡਕਰ ਪੂਰੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਘੀਆਂ ਸ਼ਖਸੀਅਤਾਂ ਵਿੱਚੋਂ ਇੱਕ ਸਨ। ਭਾਵੇਂ ਬਾਬਾ ਸਾਹਿਬ ਅੰਬੇਡਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਦੀ ਕਤਾਰ ਵਿੱਚ ਲਿਆਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਸੰਵਿਧਾਨ ਬਾਬਾ ਸਾਹਿਬ ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਸੀ। ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਨੇਤਾ ਸਨ, ਸਗੋਂ ਉਹ ਪੂਰੀ ਮਨੁੱਖਤਾ ਦੇ ਨੇਤਾ ਸਨ।”

ਇਕੱਠ ਨੂੰ ਬਾਬਾ ਸਾਹਿਬ ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਹਮੇਸ਼ਾ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ, ਭਾਵੇਂ ਉਹ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹੋਣ। ਉਨ੍ਹਾਂ ਨੇ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ। ਬਾਬਾ ਸਾਹਿਬ ਦੇ ਜੀਵਨ ਅਤੇ ਸਿਧਾਂਤਾਂ ਅਨੁਸਾਰ ਚਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ। ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।”

ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੋਕਾਂ ਪ੍ਰਤੀ ਨਜ਼ਰੀਆ ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨੌਵੀਂ ਜਮਾਤ ਤੱਕ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਫੇਲ੍ਹ ਨਹੀਂ ਕੀਤਾ ਜਾਂਦਾ ਸੀ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀ ਆਪਣੀਆਂ ਕਮਜ਼ੋਰੀਆਂ ਤੋਂ ਅਣਜਾਣ ਰਹਿ ਗਏ ਅਤੇ ਬਾਅਦ ਵਿੱਚ ਮੈਟ੍ਰਿਕ ਵਿੱਚ ਫੇਲ੍ਹ ਹੋ ਗਏ, ਜਿਸ ਨਾਲ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਰਬਾਦ ਹੋ ਗਈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਰੀਬ ਤਬਕੇ ਨੂੰ ਮਿਆਰੀ ਸਿੱਖਿਆ ਰਾਹੀਂ ਅਫ਼ਸਰ ਬਣਾ ਕੇ ਸਸ਼ਕਤ ਬਣਾਉਣ ਦੀ ਬਜਾਏ ਬਾਦਲਾਂ ਨੇ ਇਹ ਯਕੀਨੀ ਬਣਾਇਆ ਕਿ ਗਰੀਬਾਂ ਦੇ ਵਿਦਿਆਰਥੀ ਪੜ੍ਹਾਈ ਨਾ ਕਰਨ ਅਤੇ ਸਿਰਫ਼ ਆਟਾ-ਦਾਲ ਸਕੀਮ ਤੱਕ ਹੀ ਸੀਮਤ ਰਹਿਣ।” ਉਨ੍ਹਾਂ ਅੱਗੇ ਕਿਹਾ, “ਕਮਜ਼ੋਰ ਵਰਗਾਂ ਦੀਆਂ ਪੀੜ੍ਹੀਆਂ ਬਾਦਲਾਂ ਵੱਲੋਂ ਬਣਾਈ ਆਟਾ ਦਾਲ ਸਕੀਮ ਦੇ ਭਰੋਸੇ ਹੀ ਰਹਿ ਗਈਆਂ।” ਉਨ੍ਹਾਂ ਕਿਹਾ, “ਇਨ੍ਹਾਂ ਆਗੂਆਂ ਨੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਗਰੀਬ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਸਿੱਖਿਆ ਤੋਂ ਵਾਂਝਾ ਕਰ ਦਿੱਤਾ।”

Read Latest News and Breaking News at Daily Post TV, Browse for more News

Ad
Ad