Arvind Kejriwal in Punjab: ਪਟਿਆਲਾ ਪਹੁੰਚੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ।
Traders Boards in Punjab: ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਐਤਵਾਰ) ਪਟਿਆਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਵਿੱਚ ਮਹਾਰਾਜਾ ਅਗਰਸੇਨ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ, ਉਨ੍ਹਾਂ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ।
ਇਸ ਮੌੌਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ ਕਾਰੋਬਾਰ ਵਧਾ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ ‘ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ ‘ਤੇ ਖਿਸਕ ਗਿਆ ਹੈ।