ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ, ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ
Sri Guru Ravidas Maharaj 650th Prakash Purab;ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਡੇਰਾ ਸਵਾਮੀ ਜਗਤਗਿਰੀ, ਪਠਾਨਕੋਟ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦੇ ਵੀ ਦਰਸ਼ਨ ਕੀਤੇ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੀਰਤਨ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀ ਬਾਣੀ ਦਾ ਪ੍ਰਚਾਰ ਅਤੇ ਵਿਚਾਰਧਾਰਾ ਸੁਣੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਵੀ ਕੱਢੇ ਜਾਣਗੇ, ਜਿਨ੍ਹਾਂ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ, ਸੰਘਰਸ਼ ਅਤੇ ਬਾਣੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਹਲਕਿਆਂ ਵਿੱਚ ਵੀ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੱਚਖੰਡ ਬੱਲਾਂ ਵਿਖੇ 10 ਏਕੜ ਜ਼ਮੀਨ ਵਿੱਚ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨਾਲ ਸਬੰਧਤ ਵਿਸ਼ੇਸ਼ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਰਾਹੀਂ ਦੇਸ਼-ਵਿਦੇਸ਼ ਤੋਂ ਵਿਦਵਾਨ ਅਤੇ ਵਿਦਿਆਰਥੀ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਬਾਰੇ ਅਧਿਐਨ ਕਰ ਸਕਣਗੇ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦੇ ਨਾਲ-ਨਾਲ ਗੁਰੂ ਸਾਹਿਬ ਦੇ ਬਰਾਬਰੀ, ਮਨੁੱਖਤਾ, ਸਾਂਝੀਵਾਲਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ।
ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਸ੍ਰੀ 108 ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ ਅਧਿਕਾਰੀਆਂ ਨੂੰ ਸਰੋਪੇ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕੀਰਤਨ ਦਰਬਾਰ ਵਿੱਚ ਪਹੁੰਚੇ ਰਾਗੀ ਜੱਥਿਆਂ ਨੂੰ ਵੀ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ।
