NRI Punjabis Complaints: ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।
Online NRI Milni: ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਆਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਆਨਲਾਈਨ ਐਨਆਰਆਈ ਮਿਲਣੀ ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸੀ।
ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵ੍ਹੱਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।
ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।