ਪੰਜਾਬੀਆਂ ’ਚ ਪਾਸਪੋਰਟ ਬਣਾਉਣ ਦਾ ਜੋਸ਼ ਹੋਇਆ ਗਾਇਬ, ਹੈਰਾਨ ਕਰਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜੇ
Punjabi Passport Holder: ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਜਨਵਰੀ 2025 ਤੋਂ ਜੂਨ 2025 ਦੇ ਛੇ ਮਹੀਨਿਆਂ ਦੌਰਾਨ ਪੰਜਾਬ ’ਚ ਔਸਤਨ ਪ੍ਰਤੀ ਦਿਨ 1978 ਪਾਸਪੋਰਟ ਬਣੇ ਹਨ।
Passports in Punjab: ਪੰਜਾਬੀਆਂ ‘ਚ ਵਿਦੇਸ਼ ਜਾਣ ਦਾ ਜਨੂੰਨ ਕਿਸ ਕਦਰ ਹੈ ਇਸ ਗੱਲ ਤੋਂ ਹਰ ਕੋਈ ਚੰਗੀ ਤਰ੍ਹਾ ਵਾਕਫ਼ ਹੈ। ਪਰ ਹੁਣ ਵਿਦੇਸ਼ ਮੰਤਰਾਲੇ ਦੀ ਜੋ ਰਿਪੋਰਟ ਸਾਹਮਣੇ ਆਈ ਹੈ ਉਹ ਕੁਝ ਹੋਰ ਹੀ ਗਵਾਹੀ ਭਰ ਰਹੀ ਹੈ। ਦੱਸ ਦਈਏ ਕਿ ਕੇਂਦਰੀ ਵਿਦੇਸ਼ ਮੰਤਰਾਲੇ ਵਲੋਂ ਪਾਸਪੋਰਟ ਬਣਾਉਣ ਦੇ ਅੰਕੜੇ ਪੇਸ਼ ਕੀਤੇ ਗਏ ਜਿਸ ‘ਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਲੋਕਾਂ ‘ਚ ਪਾਸਪੋਰਟ ਬਣਵਾਉਣ ਦਾ ਪੁਰਾਣਾ ਜੋਸ਼ ਗ਼ਾਇਬ ਹੈ।
ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਜਨਵਰੀ 2025 ਤੋਂ ਜੂਨ 2025 ਦੇ ਛੇ ਮਹੀਨਿਆਂ ਦੌਰਾਨ ਪੰਜਾਬ ’ਚ ਔਸਤਨ ਪ੍ਰਤੀ ਦਿਨ 1978 ਪਾਸਪੋਰਟ ਬਣੇ ਹਨ ਜਦੋਂ ਕਿ ਸਾਲ 2024 ’ਚ ਇਹੋ ਔਸਤ ਪ੍ਰਤੀ ਦਿਨ 2906 ਪਾਸਪੋਰਟਾਂ ਦੀ ਸੀ। ਜਿਸ ਦੇ ਕਈ ਕਾਰਨ ਹੋ ਸਕਦੇ ਹਨ। ਜਿਵੇਂ ਕਿ ਅਮਰੀਕਾ ਅਤੇ ਕੈਨੇਡਾ ਵਲੋਂ ਵੀਜ਼ਾ ਨਿਯਮਾਂ ‘ਚ ਲਗਾਤਾਰ ਕੀਤੀਆਂ ਸਖ਼ਤੀਆਂਂ ਅਤੇ ਵੀਜ਼ਾ ਦੇਣਾ ਬੰਦ ਕਰਨਾ। ਇਸ ਦੇ ਨਾਲ ਹੀ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਦੋਵਾਂ ਦੇਸ਼ਾਂ ‘ਚ ਨੌਕਰੀਆਂ ਦੇ ਲਾਲੇ ਪਏ ਹੋਏ ਹਨ, ਕੰਮ ਨਾਹ ਦੇ ਬਰਾਬਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਸਮੇਂ ਅਮਰੀਕਾ ਵਲੋਂ ਡਿਪੋਰਟ ਕੀਤੇ ਭਾਰਤੀਆਂ ਦੀ ਹਾਲਤ ਦੇਖ ਕੇ ਵੀ ਕਈਆਂ ਦੇ ਹੋਸ਼ ਉੱਡੇ ਹੋਣਗੇ।
ਹਰ ਤੀਜਾ ਪੰਜਾਬੀ ਪਾਸਪੋਰਟ ਹੋਲਡਰ
ਪੰਜਾਬ ’ਚੋਂ ਜ਼ਿਆਦਾਤਰ ਵਿਦਿਆਰਥੀ ਕੈਨੇਡਾ-ਅਮਰੀਕਾ ਹੀ ਪੜ੍ਹਨ ਜਾ ਰਹੇ ਸੀ। ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 3.60 ਲੱਖ ਪਾਸਪੋਰਟ ਹੀ ਬਣੇ ਤੇ ਸਾਲ 2024 ਵਿੱਚ ਇਹ ਅੰਕੜਾ 10.60 ਲੱਖ ਪਾਸਪੋਰਟਾਂ ਦਾ ਸੀ। ਸਾਲ 2023 ਵਿਚ ਤਾਂ ਇਸ ਰੁਝਾਨ ਦਾ ਸਿਖਰ ਸੀ ਜਦੋਂ ਕਿ ਪ੍ਰਤੀ ਦਿਨ ਔਸਤਨ 3271 ਪਾਸਪੋਰਟ ਬਣੇ। 2023 ’ਚ 11.94 ਲੱਖ ਪਾਸਪੋਰਟ ਬਣੇ ਸਨ।
ਜਦੋਂ ਕਿ ਪੰਜਾਬ ’ਚ ਸਾਲ 2014 ਤੋਂ ਜੂਨ 2025 ਤੱਕ 95.41 ਲੱਖ ਪਾਸਪੋਰਟ ਬਣੇ ਹਨ ਜਦੋਂ ਕਿ ਪੰਜਾਬ ਦੇ ਘਰਾਂ ਦੀ ਗਿਣਤੀ 65 ਲੱਖ ਹੈ। ਮਤਲਬ ਕਿ ਹਰ ਦੋ ਘਰਾਂ ਪਿੱਛੇ ਤਿੰਨ ਪਾਸਪੋਰਟ ਬਣੇ। ਉਂਝ ਆਬਾਦੀ ਦੇ ਲਿਹਾਜ਼ ਨਾਲ ਹਰ ਤੀਜਾ ਪੰਜਾਬੀ ਪਾਸਪੋਰਟ ਹੋਲਡਰ ਹੈ। ਸਾਲ 2020 ਵਿੱਚ ਪ੍ਰਤੀ ਦਿਨ ਔਸਤਨ 1321 ਪਾਸਪੋਰਟ ਬਣੇ ਅਤੇ ਸਾਲ 2023 ਵਿੱਚ ਇਹ ਦਰ ਢਾਈ ਗੁਣਾ ਵਾਧੇ ਨੂੰ ਪਾਰ ਕਰ ਗਈ ਸੀ।
ਕੈਨੇਡਾ ਸਰਕਾਰ ਦੀ ਸਖ਼ਤੀ
ਇਸ ਦੇ ਨਾਲ ਹੀ ਕੈਨੇਡਾ ਸਰਕਾਰ 50 ਫ਼ੀਸਦੀ ਦੇ ਕਰੀਬ ਵੀਜ਼ੇ ਰੱਦ ਕਰ ਰਹੀ ਹੈ ਅਤੇ ਸਟੱਡੀ ਵੀਜ਼ਾ ਲੈਣ ਲਈ ਰਾਹ ਕਾਫ਼ੀ ਔਖੇ ਹੋ ਗਏ ਹਨ। ਜੀਆਈਸੀ ਫ਼ੀਸ ਹੁਣ ਦੁੱਗਣੀ ਤੋਂ ਵੀ ਵਧਾ ਦਿੱਤੀ ਗਈ ਹੈ ਅਤੇ ਵਿਦਿਆਰਥੀਆਂ ਲਈ ਫੰਡਜ਼ ਵੀ ਛੇ ਮਹੀਨੇ ਪੁਰਾਣੇ ਹੋਣ ਦੀ ਸ਼ਰਤ ਲਾਜ਼ਮੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਵੀਜ਼ੇ ਦੇਣੇ ਕਾਫ਼ੀ ਘੱਟ ਕਰ ਦਿੱਤੇ ਹਨ।
ਇਸ ਦਾ ਚੰਗਾ ਪੱਖ ਇਹ ਹੈ ਕਿ ਕੈਨੇਡਾ ਦੀ ਸਖ਼ਤੀ ਮਗਰੋਂ ਪੰਜਾਬ ਦੇ ਵਿੱਦਿਅਕ ਅਦਾਰਿਆਂ ’ਚ ਰੌਣਕ ਪਰਤਣ ਲੱਗੀ ਹੈ। ਪੰਜਾਬ ’ਚ ਸਟੱਡੀ ਵੀਜ਼ੇ ਦਾ ਰੁਝਾਨ ਸਾਲ 2016-17 ਵਿਚ ਸ਼ੁਰੂ ਹੋਇਆ ਸੀ। ਸ਼ੁਰੂ ‘ਚ ਵਿਦੇਸ਼ਾਂ ’ਚ ਪੀਆਰ ਹੋਣ ਵਾਲੇ ਵਿਦਿਆਰਥੀਆਂ ਦੇ ਮਾਪੇ ਵੀ ਵਿਦੇਸ਼ ਜਾਣ ’ਚ ਸਫਲ ਹੋਏ ਜਿਸ ਕਰਕੇ ਪਾਸਪੋਰਟਾਂ ਦਾ ਅੰਕੜਾ ਵਧਿਆ ਸੀ। ਉੱਤਰੀ ਭਾਰਤ ’ਚੋਂ ਪੰਜਾਬ ਇਸ ਮਾਮਲੇ ’ਚ ਪਹਿਲੇ ਨੰਬਰ ’ਤੇ ਰਿਹਾ ਹੈ। ਹਰਿਆਣਾ ’ਚ ਵੀ ਇਸ ਵਰ੍ਹੇ ਦੇ ਛੇ ਮਹੀਨਿਆਂ ’ਚ 2.12 ਲੱਖ ਪਾਸਪੋਰਟ ਬਣੇ ਜਦੋਂ ਕਿ ਸਾਲ 2024 ਵਿੱਚ 5.49 ਲੱਖ ਪਾਸਪੋਰਟ ਬਣੇ ਸੀ।