ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਕੁਲਤਾਰ ਸਿੰਘ ਸੰਧਵਾਂ
Kultar Singh Sandhwan sacrilege bill Punjab; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ।
ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਨੇ ਵਿਸਾਖੀ ਦੇ ਪਵਿੱਤਰ ਮੌਕੇ ਦੀਆਂ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਨਾਲ ਸਿੱਖਾਂ ਨੂੰ ਇੱਕ ਵਿਲੱਖਣ ਪਛਾਣ ਮਿਲੀ, ਜੋ ‘ਸਰਬੱਤ ਦਾ ਭਲਾ’ ਦੇ ਸਿਧਾਂਤ ‘ਤੇ ਅਧਾਰਿਤ ਹੈ।
ਨਿਆਂ ਅਤੇ ਰੋਕਥਾਮ ਪ੍ਰਤੀ ਵਚਨਬੱਧਤਾ
ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ‘ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਘਟਨਾਵਾਂ ਨੇ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘੀ ਪੀੜ ਪੈਦਾ ਕੀਤੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਸਖ਼ਤ ਕਾਨੂੰਨੀ ਪ੍ਰਬੰਧਾਂ ਦੀ ਲੋੜ ਹੈ।”
ਇਹ ਪ੍ਰਸਤਾਵਿਤ ਬਿੱਲ ਮੌਜੂਦਾ ਵਿਸ਼ੇਸ਼ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ।
ਤਫਤੀਸ਼ ਦੀ ਸਥਿਤੀ
ਸਪੀਕਰ ਨੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਬਾਰੇ ਅਪਡੇਟ ਦਿੰਦਿਆਂ ਦੱਸਿਆ ਕਿ ਲਗਭਗ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ।
ਇੱਕ ਮਾਮਲੇ ਤੋਂ ਇਲਾਵਾ ਬਾਕੀ ਸਾਰੇ ਮਾਮਲਿਆਂ ਵਿੱਚ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤੇ ਗਏ ਹਨ। ਮਾਮਲੇ ਹੁਣ ਅਦਾਲਤੀ ਵਿਚਾਰ ਅਧੀਨ ਹਨ।
ਆਲੋਚਕਾਂ ਨੂੰ ਜਵਾਬ
ਐਸ.ਜੀ.ਪੀ.ਸੀ ਵੱਲੋਂ ਉਠਾਏ ਗਏ ਇਤਰਾਜ਼ਾਂ ਬਾਰੇ ਪੁੱਛੇ ਜਾਣ ‘ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਕਾਫ਼ੀ ਮੌਕੇ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਨਹੀਂ ਦਿੱਤਾ, ਉਨ੍ਹਾਂ ਨੂੰ ਹੁਣ ਮੌਜੂਦਾ ਕੋਸ਼ਿਸ਼ਾਂ ਵਿੱਚ ਰੁਕਾਵਟ ਪਾਉਣ ਦਾ ਹੱਕ ਨਹੀਂ।
ਏਕਤਾ ਦੀ ਅਪੀਲ
ਅਖੀਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਉਮੀਦ ਜਤਾਈ ਕਿ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ, ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਇਸ ਬਿੱਲ ਨੂੰ ਇਕਸੁਰਤਾ ਨਾਲ ਪਾਸ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਆਪਸੀ ਸਾਂਝ, ਅਮਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਬਹੁਤ ਜ਼ਰੂਰੀ ਹੈ।