LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ
LPU violence case: Disciplinary action against students: ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਵਿੱਚ ਹਿੰਸਾ ਤੋਂ ਬਾਅਦ ਹਾਲਾਤ ਹੌਲੀ-ਹੌਲੀ ਆਮ ਹੋਣ ਲੱਗੇ ਹਨ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਥਿਤ ਅਨੁਸ਼ਾਸਨਹੀਣਤਾ ਵਿੱਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ 8 ਅਕਤੂਬਰ ਨੂੰ ਜਾਰੀ ਨੋਟਿਸ ਰਾਹੀਂ ਸਬੰਧਤ ਵਿਦਿਆਰਥੀਆਂ ਨੂੰ 14 ਅਕਤੂਬਰ ਨੂੰ ਅਨੁਸ਼ਾਸਨੀ ਬੋਰਡ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।
ਨੋਟਿਸ ਅਨੁਸਾਰ, ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ਦੇ ਬਲਾਕ-4 ਵਿੱਚ ਕਮਰਾ ਨੰਬਰ 221 ਵਿਖੇ ਬੋਰਡ ਸਾਹਮਣੇ ਪੇਸ਼ ਹੋਣਾ ਪਵੇਗਾ। ਨੋਟਿਸ ਵਿੱਚ ਕਥਿਤ ਤੌਰ ’ਤੇ ਅਸ਼ਾਂਤੀ ਫੈਲਾਉਣ, ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ, ਭੰਨ-ਤੋੜ ਅਤੇ ਯੂਨੀਵਰਸਿਟੀ ਦੇ ਅਨੁਸ਼ਾਸਨ ਦੀ ਉਲੰਘਣਾ ਵਰਗੇ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਵਿਦਿਆਰਥੀਆਂ ਨੂੰ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਅਤੇ ਬਚਾਅ ਵਿੱਚ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਹਾਲੇ ਪੂਰੀ ਨਹੀਂ ਹੋਈ ਹੈ। ਬੋਰਡ ਵੱਲੋਂ ਸੁਣਵਾਈ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਲਈ ਨੋਟਿਸ ਜਾਰੀ ਹੋਣ ਨੂੰ ਵਿਦਿਆਰਥੀਆਂ ਦੇ ਦੋਸ਼ੀ ਸਾਬਤ ਹੋਣ ਵਜੋਂ ਨਹੀਂ ਦੇਖਿਆ ਜਾ ਸਕਦਾ।
ਦੂਜੇ ਪਾਸੇ, ਯੂਨੀਵਰਸਿਟੀ ਵਿੱਚ ਆਮ ਅਕਾਦਮਿਕ ਮਾਹੌਲ ਬਹਾਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਦੇ ਘਰਾਂ ਤੋਂ ਵਾਪਸ ਪਰਤਣ ਮਗਰੋਂ ਸੋਮਵਾਰ ਤੋਂ ਕਲਾਸਾਂ ਮੁੜ ਸ਼ੁਰੂ ਕਰਨ ਦੀਆਂ ਤਿਆਰੀਆਂ ਹਨ। ਇਸੇ ਦੌਰਾਨ ਪੁਲਿਸ ਵੱਲੋਂ ਹਿੰਸਾ ਦੇ ਮਾਮਲੇ ਦੀ ਜਾਂਚ ਜਾਰੀ ਹੈ।
