ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਮਾਨ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਚੰਡੀਗੜ੍ਹ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ‘ਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਹੈ। ਇੱਥੇ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਨਾਲ ਡਾ. ਗਗਨਦੀਪ ਰੰਧਾਵਾ ਦੇ ਭਰਾ ਵੀ ਨਾਲ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਹੈ ਕਿਉਂਕਿ ਜਿਹੜਾ ਪਰਚਾ ਤੁਰੰਤ ਦਰਜ ਹੋਣਾ ਚਾਹੀਦਾ ਸੀ, ਉਹ 24 ਘੰਟਿਆਂ ਬਾਅਦ ਦਰਜ ਕੀਤਾ ਗਿਆ। ਇਸ ਮਾਮਲੇ ‘ਚ ਸਰਕਾਰ ਦੀ ਪਾਰਦਰਸ਼ਤਾ ਦਿਖਾਈ ਨਹੀਂ ਦੇ ਰਹੀ। ਮਜੀਠੀਆ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਜੋ ਫ਼ੈਸਲਾ ਹੋਇਆ ਹੈ, ਉਸ ਮੁਤਾਬਕ ਇਹ ਫ਼ੈਸਲਾ ਲਿਆ ਗਿਆ ਹੈ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸਭ ਦਾ ਇਹੀ ਕਹਿਣਾ ਹੈ ਕਿ ਲਾਲਜੀਤ ਭੁੱਲਰ ਦੀ ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ ਹੋ ਰਹੀ।
ਸਰਕਾਰ ਲਾਲਜੀਤ ਭੁੱਲਰ ਨੂੰ ਕਲੀਨ ਚਿੱਟ ਦੇਣਾ ਚਾਹੁੰਦੀ ਹੈ ਪਰ ਜਦੋਂ ਤੱਕ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ, ਸਾਡਾ ਧਰਨਾ ਜਾਰੀ ਹੈ ਅਤੇ ਅਸੀਂ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਹਨ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਇਸ ਧਰਨੇ ‘ਚ ਪੁੱਜਣ ਦੀ ਅਪੀਲ ਕੀਤੀ ਹੈ।