ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਆਏ ਸ਼ਰਧਾਲੂਆਂ ਨਾਲ ਵੱਡਾ ਹਾਦਸਾ, ਇੱਕ ਬੱਚੇ ਦੀ ਹੋਈ ਮੌਤ
Sikh Boy Death Amritsar Tree Fall; ਹਰਿਆਣਾ ਦੇ ਸਿਰਸਾ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਆਏ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਅੰਮ੍ਰਿਤਸਰ ਵਿੱਚ ਦੁਖਦਾਈ ਹਾਦਸਾ ਵਾਪਰਿਆ, ਜਿਸ ਵਿੱਚ 13 ਸਾਲਾ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ।
ਜਾਣਕਾਰੀ ਮੁਤਾਬਕ, ਸਿਰਸਾ ਤੋਂ ਕਰੀਬ 15 ਸ਼ਰਧਾਲੂ ਐਤਵਾਰ ਸਵੇਰੇ ਲਗਭਗ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚੇ ਸਨ। ਇਹ ਸਮੂਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਚਲਾਈ ਜਾਂਦੀ ਮੁਫ਼ਤ ਬੱਸ ਸੇਵਾ ਲਈ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਬਾਹਰ ਉਡੀਕ ਕਰ ਰਿਹਾ ਸੀ। ਇਸ ਦੌਰਾਨ ਇੱਕ ਵੱਡਾ ਪੁਰਾਣਾ ਦਰੱਖਤ ਅਚਾਨਕ ਡਿੱਗ ਗਿਆ।
ਰਾਜਪ੍ਰੀਤ ਸਿੰਘ (13) ਇਸ ਦਰੱਖਤ ਦੀ ਚਪੇਟ ਵਿੱਚ ਆ ਗਿਆ, ਜਿਸ ਨਾਲ ਉਸਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅੰਮ੍ਰਿਤਸਰ ਰੇਲਵੇ ਪੁਲਿਸ ਦੇ ASI ਬਗੀਚਾ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਪਹੁੰਚੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਅਧਿਕਾਰੀਆਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪਰਿਵਾਰ ਵੱਲੋਂ ਦੱਸਿਆ ਗਿਆ ਕਿ ਰਾਜਪ੍ਰੀਤ ਸਿੰਘ ਛੋਟੀ ਉਮਰ ਤੋਂ ਹੀ ਧਾਰਮਿਕ ਸੁਭਾਵ ਦਾ ਸੀ ਅਤੇ ਅੰਮ੍ਰਿਤ ਛਕ ਕੇ ਗੁਰਸਿੱਖ ਜੀਵਨ ਜੀ ਰਿਹਾ ਸੀ। ਉਹ ਨਿਯਮਿਤ ਤੌਰ ‘ਤੇ ਗੁਰਬਾਣੀ ਪਾਠ ਕਰਦਾ ਅਤੇ ਧਾਰਮਿਕ ਮਰਯਾਦਾ ਦੀ ਪਾਲਣਾ ਕਰਦਾ ਸੀ।