ਭਵਾਨੀਗੜ੍ਹ ‘ਚ ਨਸ਼ਾ ਤਸਕਰਾਂ ‘ਤੇ ਵੱਡਾ ਐਕਸ਼ਨ, ਕਰੋੜਾਂ ਦੀ ਹੈਰੋਇਨ ਸਣੇ ਤਿੰਨ ਕਾਬੂ
Yudh Nashian Virudh; ਸੰਗਰੂਰ ਦੇ ਭਵਾਨੀਗੜ੍ਹ ਸਬ ਡਿਵੀਜ਼ਨ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਆਪ੍ਰੇਸ਼ਨ ਪ੍ਰਹਾਰ-3, ਯੁੱਧ ਨਸ਼ਿਆਂ ਵਿਰੁੱਧ ਅਤੇ ਕਾਸੋ ਤਹਿਤ ਵਿਸ਼ੇਸ਼ ਸਰਚ ਮੁਹਿੰਮ ਚਲਾਈ। ਡੀਐਸਪੀ ਸਤਨਾਮ ਸਿੰਘ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਤਿੰਨ ਅਤੇ ਐਕਸਾਈਜ਼ ਐਕਟ ਤਹਿਤ ਇੱਕ ਮਾਮਲਾ ਦਰਜ ਕੀਤਾ, ਜਦਕਿ ਇੱਕ ਘੋਸ਼ਿਤ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਨੇ ਭਵਾਨੀਗੜ੍ਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਪਿੰਡ ਜੌਲੀਆਂ ਤੇ ਖੇੜੀ ਗਿੱਲਾਂ ਵਿੱਚ ਤਲਾਸ਼ੀ ਦੌਰਾਨ ਇੱਕ ਘਰ ਵਿੱਚੋਂ ਲੱਖਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਨਕਦੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਥਾਣਾ ਭਵਾਨੀਗੜ੍ਹ ਦੇ ਐਸਐਚਓ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਵਿਅਕਤੀਆਂ ਕੋਲੋਂ ਕੁੱਲ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਦਕਿ ਇੱਕ ਮਹਿਲਾ ਕੋਲੋਂ 16 ਬੋਤਲਾਂ ਨਾਜਾਇਜ਼ ਪੰਜਾਬ ਬਣੀ ਸ਼ਰਾਬ ਵੀ ਬਰਾਮਦ ਹੋਈ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਤਨਾਮ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।