ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ, 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Tarn Taran police heroin seized; ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਹਰੀਕੇ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ 4 ਕਿਲੋ 29 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ, ਦੋ ਮੋਬਾਈਲ ਫ਼ੋਨ ਅਤੇ 700 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।
ਜਾਣਕਾਰੀ ਮੁਤਾਬਕ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਥਾਣਾ ਹਰੀਕੇ ਦੀ ਪੁਲਿਸ ਨੇ ਬੂਹ ਪੁਲ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਿੱਟ ਬੈਗਾਂ ਦੀ ਤਲਾਸ਼ੀ ਲਈ। ਇਸ ਦੌਰਾਨ ਪਹਿਲੇ ਮੁਲਜ਼ਮ ਦੇਵ, ਵਾਸੀ ਸ੍ਰੀ ਮੁਕਤਸਰ ਸਾਹਿਬ, ਦੇ ਬੈਗ ਵਿੱਚੋਂ 2 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਦੂਜੇ ਮੁਲਜ਼ਮ ਲਵਪ੍ਰੀਤ ਸਿੰਘ, ਵਾਸੀ ਪਿੰਡ ਬਲੋਚਨ, ਜ਼ਿਲ੍ਹਾ ਫ਼ਰੀਦਕੋਟ, ਦੇ ਬੈਗ ਵਿੱਚੋਂ 2 ਕਿਲੋ 6 ਗ੍ਰਾਮ ਹੈਰੋਇਨ ਮਿਲੀ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਹਰੀਕੇ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।