MP ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਵੱਡਾ ਸਦਮਾ, ਦਾਦੀ ਦਾ ਹੋਇਆ ਅਕਾਲ ਚਲਾਣਾ
Amritpal Singh Grandmother Death: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਰਿਵਾਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਜੀ ਅਕਾਲ ਚਲਾਣਾ ਕਰ ਗਏ।
ਪਰਿਵਾਰਕ ਅਤੇ ਨਜ਼ਦੀਕੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ। ਇਸ ਦੁਖਦਾਈ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਇਲਾਕੇ ਅਤੇ ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਬੀਤੇ ਦਿਨੀਂ ਉਨ੍ਹਾਂ ਦੇ ਦਾਦੀ ਜੀ ਦੀ ਸਿਹਤ ਨਾਸਾਜ਼ ਹੋਣ ਕਾਰਨ ਅਦਾਲਤ ਵੱਲੋਂ ਉਨ੍ਹਾਂ ਨੂੰ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਸਮੂਹ ਸੰਗਤਾਂ ਅਤੇ ਸ਼ੁਭਚਿੰਤਕਾਂ ਵੱਲੋਂ ਅਕਾਲ ਪੁਰਖ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾ ਰਹੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਤੇ ਸਾਕ-ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।