AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ
- 2027 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਵਾਲੇ ਚੌਥੇ ਵਿਧਾਇਕ ਬਣੇ
- ਸੁਖਬੀਰ ਬਾਦਲ ਨੇ ਦਿਵਾਈ ਪਾਰਟੀ ਦੀ ਮੈਂਬਰਸ਼ਿਪ
ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਚਮਕੌਰ ਸਾਹਿਬ ਤੋਂ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ AAP ਤੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ (SAD) ਦਾ ਪੱਲਾ ਫੜ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਚਰਨਜੀਤ ਸਿੰਘ 2027 ਦੀਆਂ ਚੋਣਾਂ ਤੋਂ ਪਹਿਲਾਂ AAP ਛੱਡਣ ਵਾਲੇ ਚੌਥੇ ਮੌਜੂਦਾ ਵਿਧਾਇਕ ਹਨ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ 2027 ਦੀਆਂ ਚੋਣਾਂ ਲਈ ਉਨ੍ਹਾਂ ਦੀ ਟਿਕਟ ਕੱਟੇ ਜਾਣ ਕਾਰਨ ਉਹ ਨਾਰਾਜ਼ ਚੱਲ ਰਹੇ ਸਨ।
AAP ਨੇ ਚਮਕੌਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਗੜ੍ਹੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਗੜ੍ਹੀ ਨੂੰ ਟਿਕਟ ਮਿਲਣ ਤੋਂ ਬਾਅਦ ਹੀ ਚਰਨਜੀਤ ਸਿੰਘ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਵਾਰ ਵਿਧਾਨ ਸਭਾ ਚੋਣ ਜ਼ਰੂਰ ਲੜਨਗੇ। ਪਹਿਲਾਂ ਚਰਚਾ ਸੀ ਕਿ AAP ਛੱਡਣ ਵਾਲੇ ਤਿੰਨ ਹੋਰ ਵਿਧਾਇਕਾਂ ਵਾਂਗ ਚਰਨਜੀਤ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਉਨ੍ਹਾਂ ਨੇ ਅਕਾਲੀ ਦਲ ਦਾ ਰੁਖ਼ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ।
AAP ਹੁਣ ਤੱਕ 8 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਚੁੱਕੀ
ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਹੁਣ ਤੱਕ 117 ਵਿੱਚੋਂ 71 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਦੋ ਸੂਚੀਆਂ ਵਿੱਚ ਪਾਰਟੀ ਨੇ 8 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਹਨ। ਇਨ੍ਹਾਂ ਵਿੱਚ ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ, ਅਨਮੋਲ ਗਗਨ ਮਾਨ, ਅਮਿਤ ਰਤਨ ਕੋਟਫੱਤਾ, ਰਮਨ ਅਰੋੜਾ, ਡਾ. ਚਰਨਜੀਤ ਸਿੰਘ, ਕੁਲਵੰਤ ਸਿੰਘ ਬਾਜ਼ੀਗਰ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ਸ਼ਾਮਲ ਹਨ। ਬਾਕੀ 46 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।
ਪਹਿਲਾਂ ਇਹ ਤਿੰਨ ਵਿਧਾਇਕ ਵੀ ਛੱਡ ਚੁੱਕੇ ਹਨ AAP
ਚਰਨਜੀਤ ਸਿੰਘ ਤੋਂ ਪਹਿਲਾਂ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਆਮ ਆਦਮੀ ਪਾਰਟੀ ਛੱਡ ਚੁੱਕੇ ਹਨ। ਇਹ ਤਿੰਨੇ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।