ਵੱਡੀ ਵਾਰਦਾਤ ਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਦੇ ਜਖੀਰੇ ਨਾਲ 5 ਬਦਮਾਸ਼ ਕਾਬੂ
ਮੋਗਾ ਪੁਲਿਸ ਨੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਨਿਹਾਲ ਸਿੰਘ ਵਾਲਾ ਪੁਲਿਸ ਨੇ ਵਿਰੋਧੀ ਗੁੱਟ ‘ਤੇ ਹਮਲੇ ਦੀ ਤਿਆਰੀ ਕਰ ਰਹੇ 5 ਖਤਰਨਾਕ ਬਦਮਾਸ਼ਾਂ ਨੂੰ ਭਾਰੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ IPS ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ, ਨਸ਼ਾ ਤਸਕਰੀ ਅਤੇ ਹੋਰ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।
ਮੋਗਾ ਦੇ ਐੱਸਪੀ (ਡੀ) ਅਜੇ ਰਾਜ ਸਿੰਘ ਮੁਤਾਬਕ, SI ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦਾਣਾ ਮੰਡੀ ਇਲਾਕੇ ਵਿੱਚ ਨਾਕਾਬੰਦੀ ਕੀਤੀ ਸੀ।
ਇਸ ਦੌਰਾਨ ਪੁਲਿਸ ਨੇ ਮੌਕੇ ਤੋਂ 5 ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਮਨਿੰਦਰ ਸਿੰਘ (ਰੂਪਨਗਰ), ਗੁਰਵਿੰਦਰ ਸਿੰਘ, ਅਮਰਿੰਦਰ ਸਿੰਘ (ਪਟਿਆਲਾ), ਗੁਰਪ੍ਰੀਤ ਸਿੰਘ (ਸੰਗਰੂਰ) ਅਤੇ ਸਤਵੰਤ ਸਿੰਘ (ਮਾਣੂਕੇ) ਵਜੋਂ ਹੋਈ ਹੈ।
ਪੁਲਿਸ ਮੁਤਾਬਕ, ਇਸ ਕਾਰਵਾਈ ਦੌਰਾਨ 3 ਤੋਂ 4 ਹੋਰ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 5 ਰਾਈਫਲਾਂ, 4 ਪਿਸਤੌਲ, 106 ਜਿੰਦਾ ਕਾਰਤੂਸ, ਮੈਗਜ਼ੀਨ ਅਤੇ 2 ਗੱਡੀਆਂ ਬਰਾਮਦ ਕੀਤੀਆਂ ਹਨ।
ਮਾਮਲੇ ਵਿੱਚ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਪੁੱਛਗਿੱਛ ਦੌਰਾਨ ਹਥਿਆਰਾਂ ਦੀ ਸਪਲਾਈ ਚੇਨ, ਹਮਲੇ ਦੇ ਅਸਲ ਟਾਰਗੇਟ ਅਤੇ ਫਰਾਰ ਸਾਥੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
