Encounter in Tarn Taran:ਤਰਨਤਾਰਨ ‘ਚ ਵੱਡੀ ਵਾਰਦਾਤ ਹੋਈ ਹੈ ਜਿਸ ‘ਚ ਪੁਲਸ ਨੇ ਮੁਕਾਬਲੇ ਮਗਰੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਸਰਹੱਦ ਪਾਰ ਤਸਕਰੀ ਨੈੱਟਵਰਕ ‘ਤੇ ਸ਼ਿਕੰਜਾ ਕੱਸਿਆ ਹੈ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਸੀ.ਆਈ.ਏ. ਸਟਾਫ਼ ਤਰਨਤਾਰਨ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਦੌਰਾਨ ਦੋਹਾਂ ਮੁਲਜ਼ਮਾਂ ਨੇ ਭੁੱਸੇ ਰੱਖ ਥਾਣਾ ਸਰਾਏ ਅਮਾਨਤ ਖ਼ਾਨ ਨੇੜੇ ਪੁਲਸ ਮੁਲਾਜ਼ਮਾਂ ‘ਤੇ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਇਕ ਮੁਲਜ਼ਮ ਦੇ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਵੱਲੋਂ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਐਨਕਾਊਂਟਰ ਵਿਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਉਸ ਦੇ ਸਾਥੀ ਸਵਰਨ ਕੁਮਾਰ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਹਾਂ ਕੋਲੋਂ 2 ਗਲਾਕ ਪਿਸਤੌਲਾਂ ਤੇ ਇਕ ਮੋਟਰਸਾਈਕਲ ਬਰਾਮਦ ਹੋਈ ਹੈ। ਇਹ ਦੋਵੇਂ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਹਿੱਸਾ ਸਨ।