ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚ ਵੱਡੀ ਲਾਪਰਵਾਹੀ!, ਮਰੀਜ਼ ਦੀ ਲਾਸ਼ ਹਸਪਤਾਲ ਦੇ ਬਾਹਰ ਸੁੱਟੀ, ਡਾਕਟਰ ਸਣੇ 2 ਮੁਅੱਤਲ
Faridkot Medical College; ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਲਾਪਰਵਾਹੀ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਦੇ ਰਾਮਬਾਗ ਵੱਲ ਖੁੱਲ੍ਹਦੇ ਗੇਟ ਨੇੜੇ ਇੱਕ ਲਾਵਾਰਿਸ ਲਾਸ਼ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਘਟਨਾ ਨੇ ਹਸਪਤਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਸਮਾਜ ਸੇਵੀ ਅਸ਼ੋਕ ਭਟਨਾਗਰ ਨੇ ਦੱਸਿਆ ਕਿ ਉਹ ਹਰ ਰੋਜ਼ ਰਾਮਬਾਗ ਸਥਿਤ ਮੰਦਰ ਵਿੱਚ ਸੇਵਾ ਲਈ ਜਾਂਦੇ ਹਨ। ਮੰਗਲਵਾਰ ਸਵੇਰੇ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਹਸਪਤਾਲ ਦੇ ਗੇਟ ਕੋਲ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚਣ ‘ਤੇ ਉਨ੍ਹਾਂ ਨੇ ਦੇਖਿਆ ਕਿ ਕਰੀਬ 50 ਤੋਂ 55 ਸਾਲ ਦੇ ਵਿਅਕਤੀ ਦੀ ਲਾਸ਼ ਪਈ ਸੀ, ਜਿਸ ਦੀ ਇੱਕ ਲੱਤ ‘ਤੇ ਪਲਾਸਟਰ ਅਤੇ ਬਾਂਹ ਤੇ ਛਾਤੀ ‘ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
ਅਸ਼ੋਕ ਭਟਨਾਗਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਕਰੀਬ 20 ਮਿੰਟ ਵਿੱਚ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਮੁੱਢਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ 9 ਜੁਲਾਈ ਨੂੰ 108 ਐਂਬੂਲੈਂਸ ਰਾਹੀਂ ਲਾਵਾਰਿਸ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਪਰ ਉਸ ਤੋਂ ਬਾਅਦ ਲਾਸ਼ ਹਸਪਤਾਲ ਦੇ ਬਾਹਰ ਕਿਵੇਂ ਪਹੁੰਚੀ, ਇਹ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ।
ਮਾਮਲੇ ਸਬੰਧੀ ਜੀਜੀਐਸ ਮੈਡੀਕਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੂਕਰ ਨੇ ਦੱਸਿਆ ਕਿ ਮ੍ਰਿਤਕ ਲਾਵਾਰਿਸ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਲਾਸ਼ ਨੂੰ ਹਸਪਤਾਲ ਦੇ ਬਾਹਰ ਕਿਸ ਨੇ ਰੱਖਿਆ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਘਟਨਾ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ ਅਤੇ ਲਾਸ਼ ਨੂੰ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ।
ਡਾ. ਕੂਕਰ ਨੇ ਦੱਸਿਆ ਕਿ ਮੁੱਢਲੀ ਕਾਰਵਾਈ ਕਰਦਿਆਂ ਇੱਕ ਡਾਕਟਰ ਅਤੇ ਇੱਕ ਹੋਰ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਇਸ ਘਟਨਾ ਨੇ ਨਾ ਸਿਰਫ਼ ਹਸਪਤਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਇਨਸਾਨੀਅਤ ਨੂੰ ਵੀ ਸ਼ਰਮਸਾਰ ਕੀਤਾ ਹੈ। ਹੁਣ ਸਭ ਦੀ ਨਜ਼ਰ ਜਾਂਚ ਰਿਪੋਰਟ ‘ਤੇ ਟਿਕੀ ਹੋਈ ਹੈ, ਜਿਸ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਸ ਮਾਮਲੇ ਵਿੱਚ ਅਸਲ ਲਾਪਰਵਾਹੀ ਕਿਸ ਦੀ ਸੀ।