ਅੱਤਵਾਦੀ ਨੈੱਟਵਰਕ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਹੈਂਡ ਗ੍ਰਨੇਡ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
Amritsar Hand Grenade Seized; ਅੰਮ੍ਰਿਤਸਰ ਵਿੱਚ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਇੱਕ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਦੌਰਾਨ ਇਸ ਨੈੱਟਵਰਕ ਦੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਕਥਿਤ ਸਬੰਧ ਸਾਹਮਣੇ ਆਏ ਹਨ।
ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਸ ਨੈੱਟਵਰਕ ਦੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਅਤੇ ISI ਨਾਲ ਜੁੜੇ ਲੋਕਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਮਈ 2026 ਦੇ ਧਮਾਕੇ ਦੇ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ
ਇਸ ਕਾਰਵਾਈ ਦੇ ਨਾਲ ਹੀ ਪੁਲਿਸ ਨੇ ਮਈ 2026 ਵਿੱਚ ਖਾਸਾ ਸਥਿਤ ਆਰਮੀ ਕੈਂਟੋਨਮੈਂਟ ਦੇ ਨੇੜੇ ਹੋਏ IED ਧਮਾਕੇ ਦੇ ਮਾਮਲੇ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਦੋਵੇਂ ਮੁਲਜ਼ਮ ਧਮਾਕੇ ਵਿੱਚ ਸ਼ਾਮਲ ਸਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਸਬੰਧਤ ਧਾਰਾਵਾਂ ਤਹਿਤ ਕੇਸ ਦਰਜ
ਪੁਲਿਸ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਉੱਧਰ, ਖਾਸਾ ਆਰਮੀ ਕੈਂਟੋਨਮੈਂਟ ਨੇੜੇ ਹੋਏ IED ਧਮਾਕੇ ਦੇ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (UAPA) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅਪਰਾਧਿਕ ਗਤੀਵਿਧੀਆਂ ‘ਤੇ ਪੁਲਿਸ ਦੀ ਸਖ਼ਤ ਨਜ਼ਰ
ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਜੁੜੇ ਲੋਕਾਂ ਬਾਰੇ ਪਤਾ ਲਗਾਇਆ ਜਾ ਸਕੇ। ਜਾਂਚ ਦਾ ਮੁੱਖ ਮਕਸਦ ਇਹ ਪਤਾ ਲਗਾਉਣਾ ਹੈ ਕਿ ਹਥਿਆਰ ਅਤੇ ਵਿਸਫੋਟਕ ਕਿੱਥੋਂ ਲਿਆਂਦੇ ਜਾ ਰਹੇ ਸਨ ਅਤੇ ਇਨ੍ਹਾਂ ਦੀ ਸਪਲਾਈ ਕਿਹੜੇ ਲੋਕਾਂ ਤੱਕ ਕੀਤੀ ਜਾਣੀ ਸੀ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਾਜਾਇਜ਼ ਹਥਿਆਰਾਂ ਦੀ ਤਸਕਰੀ, ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਨੈੱਟਵਰਕਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
