ਪਟਿਆਲਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, 9 ਪਿਸਤੌਲ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
Patiala Illegal Arms Smuggling; ਪਟਿਆਲਾ ਪੁਲਿਸ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। CIA ਸਟਾਫ਼ ਰਾਜਪੁਰਾ ਅਤੇ ਥਾਣਾ ਸਿਟੀ ਰਾਜਪੁਰਾ ਦੀ ਸਾਂਝੀ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ 9 ਨਾਜਾਇਜ਼ ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਕੋਇਰ ਸਿੰਘ ਵਾਲਾ, ਥਾਣਾ ਭਗਤਾ ਭਾਈ, ਜ਼ਿਲ੍ਹਾ ਬਠਿੰਡਾ, ਲਖਬੀਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਪੁਰ, ਥਾਣਾ ਖੇੜੀ ਗੰਡਿਆਂ, ਜ਼ਿਲ੍ਹਾ ਪਟਿਆਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਅਮੀਰ ਕਾਲੋਨੀ, ਰਾਜਪੁਰਾ ਵਜੋਂ ਹੋਈ ਹੈ।
SP (D) ਰਾਜੇਸ਼ ਛਿੱਬੜ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਗਏ ਸਨ। ਪੁਲਿਸ ਮੁਤਾਬਕ, ਬਰਾਮਦ ਕੀਤੇ ਗਏ 9 ਪਿਸਤੌਲਾਂ ਵਿੱਚੋਂ 4 ਪਿਸਤੌਲ ਕਥਿਤ ਤੌਰ ‘ਤੇ ਬੰਬੀਹਾ ਗੈਂਗ ਨੂੰ ਸਪਲਾਈ ਕੀਤੇ ਜਾਣੇ ਸਨ।
ਪੁਲਿਸ ਨੇ ਇਸ ਗ੍ਰਿਫ਼ਤਾਰੀ ਨਾਲ ਦੋ ਵਿਅਕਤੀਆਂ ਦੇ ਕਤਲ ਦੀ ਸਾਜ਼ਿਸ਼ ਨਾਕਾਮ ਕਰਨ ਦਾ ਵੀ ਦਾਅਵਾ ਕੀਤਾ ਹੈ। ਫਿਲਹਾਲ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰ ਕਿਸ ਤੋਂ ਖਰੀਦੇ ਗਏ ਸਨ ਅਤੇ ਪੰਜਾਬ ਵਿੱਚ ਕਿਹੜੇ ਲੋਕਾਂ ਤੱਕ ਪਹੁੰਚਾਏ ਜਾਣੇ ਸਨ।