ਬਿਲਕਿਸ ਬਾਨੋ ਕੇਸ ’ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ; ਮਿਲੀ ਜ਼ਮਾਨਤ
ਨਵੀਂ ਦਿੱਲੀ: ਬਿਲਕਿਸ ਬਾਨੋ ਸਮੂਹਿਕ ਜਬਰ-ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦੋ ਦੋਸ਼ੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਦੋਵਾਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ ਹਨ। ਦੋਵੇਂ ਦੋਸ਼ੀ 17 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ ਇੱਕ ਦੋਸ਼ੀ ਦੀ ਗੰਭੀਰ ਦਿਵਿਆਂਗਤਾ ਨੂੰ ਵੀ ਰਾਹਤ ਦੇਣ ਦਾ ਆਧਾਰ ਬਣਾਇਆ ਗਿਆ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ 28 ਅਕਤੂਬਰ ਨੂੰ ਇਹ ਹੁਕਮ ਸੁਣਾਇਆ। ਜ਼ਮਾਨਤ ਹਾਸਲ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਵਿਪਿਨਚੰਦਰ ਕਨ੍ਹਈਆਲਾਲ ਜੋਸ਼ੀ ਅਤੇ ਪ੍ਰਦੀਪ ਰਮਨਲਾਲ ਮੋਧੀਆ ਵਜੋਂ ਹੋਈ ਹੈ।
ਇਹ ਦੋਵੇਂ ਉਨ੍ਹਾਂ 11 ਦੋਸ਼ੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਸੁਪਰੀਮ ਕੋਰਟ ਨੇ ਜਨਵਰੀ 2024 ਵਿੱਚ ਰੱਦ ਕਰ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ਸਿੱਧੀ ਵਿਰੁੱਧ ਉਨ੍ਹਾਂ ਦੀਆਂ ਅਪੀਲਾਂ ’ਤੇ ਤੱਥਾਂ ਅਤੇ ਕਾਨੂੰਨੀ ਨੁਕਤਿਆਂ ਦੇ ਆਧਾਰ ’ਤੇ ਸੁਣਵਾਈ ਜਾਰੀ ਰਹੇਗੀ। ਸੁਣਵਾਈ ਦੌਰਾਨ ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਇੱਕ ਦੋਸ਼ੀ ਦਾ ਨਾਮ ਐੱਫਆਈਆਰ ਵਿੱਚ ਦਰਜ ਨਹੀਂ ਸੀ ਅਤੇ ਘਟਨਾ ਤੋਂ ਕਰੀਬ ਤਿੰਨ ਸਾਲ ਬਾਅਦ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ। ਗੁਜਰਾਤ ਸਰਕਾਰ ਨੇ ਜ਼ਮਾਨਤ ਦਾ ਵਿਰੋਧ ਕੀਤਾ ਸੀ। ਅਦਾਲਤ ਨੇ ਕਿਹਾ ਕਿ ਜ਼ਮਾਨਤ ਦੀਆਂ ਸ਼ਰਤਾਂ ਸਬੰਧਤ ਹੇਠਲੀ ਅਦਾਲਤ ਤੈਅ ਕਰੇਗੀ।
ਕੀ ਹੈ ਮਾਮਲਾ ?
ਇਹ ਮਾਮਲਾ ਸਾਲ 2002 ਵਿੱਚ ਗੋਧਰਾ ਰੇਲ ਕਾਂਡ ਤੋਂ ਬਾਅਦ ਗੁਜਰਾਤ ਵਿੱਚ ਭੜਕੇ ਦੰਗਿਆਂ ਨਾਲ ਸਬੰਧਤ ਹੈ। ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ-ਜਨਾਹ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਸਮੇਂ ਬਿਲਕਿਸ ਬਾਨੋ 21 ਸਾਲਾਂ ਦੀਆਂ ਸਨ ਅਤੇ ਪੰਜ ਮਹੀਨਿਆਂ ਦੀ ਗਰਭਵਤੀ ਸਨ।