ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, KCF ਦੇ ਮਾਡਿਊਲ ਦਾ ਪਰਦਾਫਾਸ਼; 2 ਮੁੱਖ ਗੁਰਗੇ ਗ੍ਰਿਫ਼ਤਾਰ
Jalandhar Counter Intelligence; ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ISI ਸਮਰਥਿਤ ‘ਪ੍ਰੋ ਖਾਲਿਸਤਾਨ ਕਮਾਂਡੋ ਫੋਰਸ’ (KCF) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ SBS ਨਗਰ ਤੋਂ ਦੋ ਮੁੱਖ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ 86-P ਹੈਂਡ ਗ੍ਰਨੇਡ, ਦੋ 9MM ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ ਇਸ ਕਾਰਵਾਈ ਨਾਲ ਪੰਜਾਬ ਵਿੱਚ ਇੱਕ ਸੰਭਾਵਿਤ ਵੱਡੀ ਅੱਤਵਾਦੀ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।
ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਹਾਸਲ ਕੀਤੀ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ SBS ਨਗਰ ਦੇ ਬਹਿਰਾਮ ਇਲਾਕੇ ਨੇੜਿਓਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਇਹ ਖੇਪ ਹਾਸਲ ਕੀਤੀ ਸੀ।
ਸੁਰੱਖਿਆ ਏਜੰਸੀਆਂ ਵੱਲੋਂ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।