ਮਾਨਸਾ ਪੁਲਿਸ ਲਾਠੀਚਾਰਜ ਮਾਮਲਾ ਹਾਈਕੋਰਟ ਪਹੁੰਚਿਆ, CBI ਜਾਂਚ ਦੀ ਮੰਗ
ਮਾਨਸਾ: ਪਿੰਡ ਭੰਮੇ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦਲਜੀਤ ਸਿੰਘ ਦੀ 27 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ ਪੁਲਿਸ ਵੱਲੋਂ ਕਥਿਤ ਲਾਠੀਚਾਰਜ ਅਤੇ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਦਲਜੀਤ ਸਿੰਘ ਦੀ ਲਾਸ਼ ਲੈ ਕੇ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਰਾਮਦਿੱਤੇ ਵਾਲਾ ਚੌਕ ਵਿਖੇ ਪੁਲਿਸ ਨੇ ਰਸਤਾ ਰੋਕ ਕੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ। ਯਾਚਿਕਾ ਅਨੁਸਾਰ ਪੁਲਿਸ ਨੇ ਵਾਹਨ ਵਿੱਚੋਂ ਲਾਸ਼ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਤਿੰਨ ਦਿਨ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪਰਿਵਾਰ ਨੂੰ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੌਕੇ ’ਤੇ SSP ਵੈਭਵ ਚੌਧਰੀ ਸਮੇਤ 100 ਤੋਂ ਵੱਧ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਦੌਰਾਨ ਮੀਡੀਆ ਕਰਮੀਆਂ ਨਾਲ ਵੀ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਨਾਬਾਲਗ ਪੁੱਤਰ ਅਰਮਾਨ ਸਿੰਘ ਨੂੰ ਥਾਣਾ ਸਿਟੀ-1 ਲਿਜਾ ਕੇ ਅੱਧੀ ਰਾਤ ਨੂੰ ਛੱਡਣ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਦਲਜੀਤ ਸਿੰਘ ਦਾ PGI ਚੰਡੀਗੜ੍ਹ ਵਿੱਚ ਸੁਤੰਤਰ ਮੈਡੀਕਲ ਬੋਰਡ ਰਾਹੀਂ ਮੁੜ ਪੋਸਟਮਾਰਟਮ ਕਰਵਾਇਆ ਜਾਵੇ ਅਤੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਅਤੇ ਵਿਭਾਗੀ ਕਾਰਵਾਈ ਕਰਨ ਅਤੇ ਲਾਸ਼ ਪਰਿਵਾਰ ਨੂੰ ਸੌਂਪਣ ਦੀ ਮੰਗ ਵੀ ਕੀਤੀ ਗਈ ਹੈ।
ਸ਼ਨੀਵਾਰ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਲਈ ਤੈਅ ਕੀਤੀ ਹੈ। ਉੱਧਰ, ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਫਿਲਹਾਲ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।