ਵਿਅਤਨਾਮ ਦੇ ਰੈਸਟੋਰੈਂਟ ’ਚ ਭਿਆਨਕ ਧਮਾਕਾ, 6 ਲੋਕਾਂ ਦੀ ਮੌਤ ਤੇ 10 ਜ਼ਖ਼ਮੀ
ਨਵੀਂ ਦਿੱਲੀ: ਵਿਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਮੰਗਲਵਾਰ ਸਵੇਰੇ ਇੱਕ ਰੈਸਟੋਰੈਂਟ ਵਿੱਚ ਹੋਏ ਜ਼ੋਰਦਾਰ ਧਮਾਕੇ ਨੇ ਭਾਰੀ ਤਬਾਹੀ ਮਚਾ ਦਿੱਤੀ। ਇਸ ਹਾਦਸੇ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ 10 ਹੋਰ ਜ਼ਖ਼ਮੀ ਹਨ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਰੈਸਟੋਰੈਂਟ ਦਾ ਇੱਕ ਹਿੱਸਾ ਢਹਿ ਗਿਆ ਅਤੇ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਕਈ ਇਮਾਰਤਾਂ ਦੀਆਂ ਕੰਧਾਂ ਵਿੱਚ ਤਰੇੜਾਂ ਵੀ ਪੈ ਗਈਆਂ। ਇਹ ਘਟਨਾ ਸਵੇਰੇ ਕਰੀਬ 8 ਵਜੇ ਡੋਂਗ ਦਾ ਸਟ੍ਰੀਟ ਸਥਿਤ ਇੱਕ ਹੌਟਪੌਟ ਰੈਸਟੋਰੈਂਟ ਵਿੱਚ ਵਾਪਰੀ। ਧਮਾਕੇ ਨਾਲ ਆਸਪਾਸ ਦੀਆਂ ਇਮਾਰਤਾਂ ਵੀ ਹਿੱਲ ਗਈਆਂ ਅਤੇ ਕਈ ਦੁਕਾਨਾਂ ਦੇ ਸ਼ੈੱਡ ਤੇ ਛੱਤਾਂ ਨੂੰ ਨੁਕਸਾਨ ਪਹੁੰਚਿਆ।
ਮਲਬੇ ਹੇਠ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਲਈ ਖੋਜੀ ਕੁੱਤਿਆਂ ਅਤੇ ਵਿਸ਼ੇਸ਼ ਉਪਕਰਨਾਂ ਦੀ ਮਦਦ ਲਈ ਜਾ ਰਹੀ ਹੈ। ਕੰਕਰੀਟ ਦੇ ਭਾਰੀ ਟੁਕੜਿਆਂ ਨੂੰ ਹਟਾਉਣ ਵਾਸਤੇ ਹਾਈਡ੍ਰੌਲਿਕ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਕੁਝ ਹੋਰ ਲੋਕ ਮਲਬੇ ਹੇਠ ਦੱਬੇ ਹੋ ਸਕਦੇ ਹਨ। ਇਸੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਨੇੜਲੀਆਂ ਕਮਜ਼ੋਰ ਇਮਾਰਤਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ ’ਤੇ ਭੇਜ ਦਿੱਤਾ ਗਿਆ ਹੈ।
ਸਰਕਾਰ ਨੇ ਜਾਂਚ ਦੇ ਦਿੱਤੇ ਹੁਕਮ
ਧਮਾਕੇ ਤੋਂ ਬਾਅਦ ਵਿਅਤਨਾਮ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ। ਉਪ ਪ੍ਰਧਾਨ ਮੰਤਰੀ ਫਾਮ ਜ਼ਿਆ ਤੁਕ ਨੇ ਪੁਲਿਸ ਅਤੇ ਹਨੋਈ ਪ੍ਰਸ਼ਾਸਨ ਨੂੰ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਧਮਾਕੇ ਕਾਰਨ ਨੁਕਸਾਨੀਆਂ ਗਈਆਂ ਇਮਾਰਤਾਂ ਦੀ ਸੁਰੱਖਿਆ ਜਾਂਚ ਕਰਨ ਅਤੇ ਕਿਸੇ ਹੋਰ ਹਾਦਸੇ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਧਮਾਕੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ।