ਕੀ CM ਮਾਨ ਤੇ ਮੁਲਾਜ਼ਮਾਂ ਵਿਚਾਲੇ ਬਣੇਗੀ ਸਹਿਮਤੀ ? ਸਾਂਝੇ ਮੁਲਾਜ਼ਮ ਮੰਚ ਨਾਲ ਅਹਿਮ ਮੀਟਿੰਗ ਅੱਜ
Meeting between CM Mann and Employees: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਡੀਏ (DA) ਸਮੇਤ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੀ ਤਕਰਾਰ ਹੁਣ ਖਤਮ ਹੁੰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਲਾਜ਼ਮ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਵਿੱਚ ਸਾਂਝੇ ਮੁਲਾਜ਼ਮ ਮੰਚ ਦੇ ਆਗੂਆਂ ਦੇ ਨਾਲ ਸਰਕਾਰ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ।
ਸੂਤਰਾਂ ਮੁਤਾਬਕ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ‘ਤੇ ਚਰਚਾ ਹੋਵੇਗੀ ਅਤੇ ਸਰਕਾਰ ਤੇ ਮੁਲਾਜ਼ਮ ਆਗੂਆਂ ਵਿਚਾਲੇ ਸਮਝੌਤੇ ਦੀ ਕੋਸ਼ਿਸ਼ ਕੀਤੀ ਜਾਵੇਗੀ। ਚਰਚਾ ਹੈ ਕਿ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਮੁਲਾਜ਼ਮ ਲੰਬੇ ਸਮੇਂ ਤੋਂ ਡੀਏ ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ (OPS), ਤਨਖਾਹ ਕਮਿਸ਼ਨ ਨਾਲ ਜੁੜੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਕੋਲ ਆਪਣੀ ਆਵਾਜ਼ ਉਠਾ ਰਹੇ ਹਨ।
ਦੂਜੇ ਪਾਸੇ, ਡੀਏ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਖ਼ਤ ਰੁਖ ਅਪਣਾ ਚੁੱਕੀ ਹੈ। ਅਦਾਲਤੀ ਕਾਰਵਾਈ ਦੇ ਚਲਦਿਆਂ ਸਰਕਾਰ ‘ਤੇ ਵੀ ਮਾਮਲੇ ਦਾ ਹੱਲ ਕੱਢਣ ਦਾ ਦਬਾਅ ਹੈ।
ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਮੁੱਖ ਮੰਤਰੀ ਅਤੇ ਮੁਲਾਜ਼ਮ ਆਗੂਆਂ ਦੀ ਮੀਟਿੰਗ ‘ਤੇ ਟਿਕੀਆਂ ਹਨ। ਜੇਕਰ ਗੱਲਬਾਤ ਸਿਰੇ ਚੜ੍ਹਦੀ ਹੈ ਤਾਂ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਮਿਲ ਸਕਦੀ ਹੈ।
