ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਅੱਜ ਮੀਟਿੰਗ, ਸੂਬਾ ਪੱਧਰੀ ਹੜਤਾਲ ਦੀ ਚਿਤਾਵਨੀ
17 ਨਵੰਬਰ ਨੂੰ ਪੰਜਾਬ ਦੇ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਗੱਲਬਾਤ, ਸਹਿਮਤੀ ਨਾ ਬਣੀ ਤਾਂ ਸੂਬਾ ਪੱਧਰੀ ਹੜਤਾਲ ਦਾ ਐਲਾਨ ਕਰਨਗੀਆਂ ਯੂਨੀਅਨਾਂ
ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ 17 ਨਵੰਬਰ ਨੂੰ ਪੰਜਾਬ ਦੇ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਹੋਵੇਗੀ। ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਦੀਆਂ ਨਜ਼ਰਾਂ ਹੁਣ ਇਸ ਗੱਲਬਾਤ ‘ਤੇ ਟਿਕੀਆਂ ਹੋਈਆਂ ਹਨ। ਮੀਟਿੰਗ ਤੋਂ ਪਹਿਲਾਂ ਹੀ ਮੁਲਾਜ਼ਮ ਯੂਨੀਅਨਾਂ ਨੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ।
ਸਹਿਮਤੀ ਨਾ ਬਣੀ ਤਾਂ ਸੂਬਾ ਪੱਧਰੀ ਹੜਤਾਲ ਦੀ ਚਿਤਾਵਨੀ
ਯੂਨੀਅਨ ਆਗੂਆਂ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਮੀਟਿੰਗ ਦੌਰਾਨ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਸਹਿਮਤੀ ਨਹੀਂ ਬਣਦੀ ਤਾਂ ਸੂਬਾ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਜਾਵੇਗਾ। ਯੂਨੀਅਨ ਵੱਲੋਂ ਪਹਿਲਾਂ 16 ਨਵੰਬਰ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਅੱਗੇ ਵਧਾਇਆ ਗਿਆ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨਾਲ ਪਹਿਲਾਂ ਵੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹੁਣ ਤੱਕ ਸਿਰਫ਼ ਭਰੋਸੇ ਹੀ ਮਿਲੇ ਹਨ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਕੱਚੇ ਮੁਲਾਜ਼ਮਾਂ ਵੱਲੋਂ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਬਿਨਾਂ ਕਿਸੇ ਸ਼ਰਤ ਦੇ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਸਮਾਨ ਕੰਮ, ਸਮਾਨ ਤਨਖ਼ਾਹ’ ਦਾ ਸਿਧਾਂਤ ਲਾਗੂ ਕਰਨ ਅਤੇ ਹਰ ਸਾਲ ਤਨਖ਼ਾਹ ਵਿੱਚ ਵਾਧਾ ਕਰਨ ਦੀ ਮੰਗ ਵੀ ਸ਼ਾਮਲ ਹੈ।
ਮੁਲਾਜ਼ਮ ਯੂਨੀਅਨਾਂ ਦੀਆਂ ਹੋਰ ਮੰਗਾਂ ਵਿੱਚ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਪਾਉਣ ਦੀ ਨੀਤੀ ‘ਤੇ ਰੋਕ ਲਗਾਉਣ ਅਤੇ ਬੱਸਾਂ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੌਕਰੀ ਤੋਂ ਕੱਢੇ ਜਾਂ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਯੂਨੀਅਨ ਵੱਲੋਂ ਰੱਖੀ ਗਈ ਹੈ।