Punjab Weather Update: ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ, 7 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
Punjab Weather Alert: ਮੌਸਮ ਵਿਭਾਗ ਨੇ ਪੰਜਾਬ ‘ਚ 4 ਦਿਨਾਂ ਲਈ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ ਤਾਪਮਾਨ ‘ਚ ਹਲਕੀ ਗਿਰਾਵਟ ਦਰਜ ਕੀਤੀ ਗਈ। ਦੱਸ ਦਈਏ ਕਿ IMD ਮੁਤਾਬਕ 7 ਮਈ, 2025 ਤੱਕ ਉੱਤਰ-ਪੱਛਮੀ ਭਾਰਤ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਰਗੇ ਖੇਤਰਾਂ ਵਿੱਚ ਮੀਂਹ, ਧੂੜ ਭਰੀ ਹਨੇਰੀ, ਤੂਫਾਨ ਵਰਗੀਆਂ ਸਥਿਤੀਆਂ ਰਹਿਣਗੀਆਂ।
ਭਾਰਤ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮੀ ਸਥਿਤੀਆਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਇਸੇ ਸਮੇਂ, ਬੀਤੀ ਰਾਤ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 20 ਤੋਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲੀ ਅਤੇ ਮੀਂਹ ਵੀ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।
ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ, 7 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਵੀਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਆਈ।
ਇਹ ਸਥਿਤੀ ਫਸਲਾਂ, ਕੱਚੇ ਘਰਾਂ, ਦਰੱਖਤਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।