Punjab News: ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਲਾਵਾਲਾ ਵਿੱਚ 1.5 ਮਰਲੇ ਖੇਤੀਬਾੜੀ ਜ਼ਮੀਨ ਦੇ ਝਗੜੇ ਨੇ ਇੱਕ ਨਾਬਾਲਗ ਦੀ ਜਾਨ ਲੈ ਲਈ। ਇਹ ਘਟਨਾ 16-17 ਜੂਨ ਦੀ ਰਾਤ ਨੂੰ ਵਾਪਰੀ। ਝਗੜੇ ਦੌਰਾਨ ਇੱਕ ਵਿਅਕਤੀ ਨੇ ਗੋਲੀਬਾਰੀ ਕੀਤੀ। ਜਿਸ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਇੱਕ ਨਾਬਾਲਗ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਮੱਲਾਵਾਲਾ ਨੇੜੇ ਪਿੰਡ ਭਾਗੋਕੇ ਵਿੱਚ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਕਰਮਜੀਤ ਸਿੰਘ ਉਰਫ਼ ਗੋਲਡੀ ਅਤੇ ਪ੍ਰਦੀਪ ਸਿੰਘ ਦੇ ਪਰਿਵਾਰਾਂ ਵਿਚਕਾਰ ਝਗੜਾ ਹੋਇਆ ਸੀ। ਝਗੜੇ ਦੌਰਾਨ ਪਰਦੀਪ ਸਿੰਘ ਦੇ ਪਿਤਾ ਅਮਰਜੀਤ ਸਿੰਘ ਨੇ ਪਿਸਤੌਲ ਨਾਲ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ 17 ਸਾਲਾ ਕਰਮਜੀਤ ਸਿੰਘ, ਸੰਦੀਪ ਸਿੰਘ (42) ਅਤੇ ਗੁਰਬੀਰ ਸਿੰਘ (30) ਜ਼ਖਮੀ ਹੋ ਗਏ। ਤਿੰਨਾਂ ਨੂੰ ਜ਼ੀਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਇੱਕ ਦੀ ਮੌਤ, ਦੋ ਦਾ ਇਲਾਜ ਚੱਲ ਰਿਹਾ ਹੈ
ਡਾਕਟਰਾਂ ਨੇ ਹਸਪਤਾਲ ਵਿੱਚ ਕਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਸੰਦੀਪ ਸਿੰਘ ਅਤੇ ਗੁਰਬੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਮੱਲਾਵਾਲਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੋਵਾਂ ਧਿਰਾਂ ਦੇ ਬਿਆਨ ਲੈ ਰਹੀ ਹੈ ਅਤੇ ਕਹਿ ਰਹੀ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।