ਹੁਸ਼ਿਆਰਪੁਰ ‘ਚ ਨੌਜਵਾਨ ਕੁੜੀ ਦੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮੀ ਨਿਕਲਿਆ ਕਾਤਿਲ, ਜਾਣੋ ਪੂਰਾ ਮਾਮਲਾ…
ਓਮਾਨ ਭੇਜਣ ਦਾ ਝਾਂਸਾ ਦੇ ਕੇ ਬਠਿੰਡਾ ਤੋਂ ਹੁਸ਼ਿਆਰਪੁਰ ਲਿਆਉਣ ਦਾ ਦੋਸ਼, ਮਾਂ ਦੇ ਬਿਆਨਾਂ ’ਤੇ ਗੁਰਪ੍ਰੀਤ ਸਿੰਘ ਉਰਫ਼ ਗੁਰੀ ਖ਼ਿਲਾਫ਼ ਕੇਸ ਦਰਜ
Hoshiarpur Girl Murder Case; ਹੁਸ਼ਿਆਰਪੁਰ ਵਿੱਚ ਇੱਕ ਨੌਜਵਾਨ ਕੁੜੀ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਮ੍ਰਿਤਕਾ ਦੀ ਪਛਾਣ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਦੀ ਰਹਿਣ ਵਾਲੀ ਪਿੰਕੀ ਵਜੋਂ ਹੋਈ ਹੈ। ਉਸ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਗੁਰਦਾਸਪੁਰ ਦੇ ਪਿੰਡ ਢੋਲਣਵਾਲ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੁਰੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਮ੍ਰਿਤਕਾ ਦੀ ਮਾਂ ਰਣਦੀਪ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਉਸ ਦੀ ਧੀ ਪਿੰਕੀ ਨੂੰ ਓਮਾਨ ਭੇਜਣ ਦਾ ਝਾਂਸਾ ਦੇ ਕੇ ਬਠਿੰਡਾ ਤੋਂ ਹੁਸ਼ਿਆਰਪੁਰ ਲੈ ਆਇਆ ਸੀ। ਪਿੰਕੀ ਪਿਛਲੇ ਕਰੀਬ ਸੱਤ ਤੋਂ ਅੱਠ ਮਹੀਨਿਆਂ ਤੋਂ ਹੁਸ਼ਿਆਰਪੁਰ ਵਿੱਚ ਰਹਿ ਰਹੀ ਸੀ। ਉਸ ਨੇ ਆਪਣੀ ਮਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦੇ ਵੀਜ਼ੇ ਅਤੇ ਹਵਾਈ ਟਿਕਟ ਦਾ ਪ੍ਰਬੰਧ ਹੋ ਗਿਆ ਹੈ ਅਤੇ ਉਹ ਜਲਦ ਹੀ ਵਿਦੇਸ਼ ਜਾਣ ਵਾਲੇ ਹਨ।
ਚਾਰ-ਪੰਜ ਦਿਨਾਂ ਤੋਂ ਨਹੀਂ ਹੋ ਰਿਹਾ ਸੀ ਸੰਪਰਕ
ਰਣਦੀਪ ਕੌਰ ਮੁਤਾਬਕ ਪਿਛਲੇ ਚਾਰ-ਪੰਜ ਦਿਨਾਂ ਤੋਂ ਉਸ ਦੀ ਧੀ ਨਾਲ ਸੰਪਰਕ ਨਹੀਂ ਹੋ ਰਿਹਾ ਸੀ, ਜਿਸ ਕਾਰਨ ਪਰਿਵਾਰ ਚਿੰਤਤ ਸੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਪਿੰਕੀ ਦੀ ਮੌਤ ਦੀ ਸੂਚਨਾ ਦਿੱਤੀ ਗਈ। ਮਾਂ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਉਸ ਦੀ ਧੀ ਨੂੰ ਬਹਲਾ-ਫੁਸਲਾ ਕੇ ਲੈ ਗਿਆ ਸੀ ਅਤੇ ਬਾਅਦ ਵਿੱਚ ਉਸ ਦਾ ਕਤਲ ਕਰ ਦਿੱਤਾ।
ਕਤਲ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ
ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੁਰੀ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਤਲ ਪਿੱਛੇ ਅਸਲ ਕਾਰਨਾਂ ਅਤੇ ਮਕਸਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।