ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ […]
Khushi
By : Published: 01 Feb 2026 21:43:PM
ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦੀ ਮੌਜੂਦਗੀ ਵਿੱਚ ਇਹ ਮੁੱਦਾ ਉਠਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਮਹਾਨ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਬ੍ਰਿਟਿਸ਼ ਸਾਮਰਾਜਵਾਦ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਉਨ੍ਹਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ।”

ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣਾ ਇਸ ਮਹਾਨ ਸ਼ਹੀਦ ਪ੍ਰਤੀ ਸੱਚੀ ਸਰਧਾਂਜਲੀ ਹੋਵੇਗੀ ਜੋ ਇਸ ਖੇਤਰ ਨਾਲ ਸਬੰਧਤ ਸੀ ਅਤੇ ਹਵਾਬਾਜ਼ੀ ਵਿੱਚ ਕਰੀਅਰ ਬਣਾਉਣ ਲਈ ਬਰਕਲੇ ਯੂਨੀਵਰਸਿਟੀ ਗਿਆ ਸੀ ਪਰ ਉਸ ਨੇ ਵਾਪਸ ਆਉਣ ਦੀ ਬਜਾਇ ਆਜ਼ਾਦੀ ਅੰਦੋਲਨ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਰਾਹ ਚੁਣਿਆ। ਉਨ੍ਹਾਂ ਕਿਹਾ, “ਪੰਜਾਬ ਮਹਾਨ ਗੁਰੂਆਂ, ਪੈਗੰਬਰਾਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇਸ ਪਵਿੱਤਰ ਮਿੱਟੀ ਦੇ ਕਣ-ਕਣ ਵਿੱਚੋਂ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਮਹਿਕ ਆਉਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾਂਦਾ ਹੈ ਤਾਂ ਪੰਜਾਬ ਦੇ ਚਾਰ ਹਵਾਈ ਅੱਡਿਆਂ ਵਿੱਚੋਂ ਦੋ ਦਾ ਨਾਮ ਸਤਿਕਾਰਯੋਗ ਗੁਰੂਆਂ ਦੇ ਨਾਮ ‘ਤੇ ਅਤੇ ਦੋ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਦਾ ਨਾਮ ਗੁਰੂਆਂ ਦੇ ਨਾਮ ‘ਤੇ ਰੱਖਿਆ ਗਿਆ ਹੈ, ਜਦੋਂ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ, ਹਲਵਾਰਾ ਸਾਡੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ।”

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਭਗਤੀ ਲਹਿਰ ਦੇ ਮਹਾਨ ਗੁਰੂ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਦਿਖਾਇਆ ਗਿਆ ਰਾਹ ਸਾਡੀ ਸਰਕਾਰ ਦੀ ਜਨਤਾ ਦੀ ਸੇਵਾ ਕਰਨ ਦੀ ਵਚਨਬੱਧਤਾ ਦਾ ਮੁੱਖ ਥੰਮ੍ਹ ਹੈ।” ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਰਿਹਾ ਕਿਉਂਕਿ ਪ੍ਰਧਾਨ ਮੰਤਰੀ ਨੇ ਇਸ ਸ਼ੁਭ ਮੌਕੇ ‘ਤੇ ਦੋ ਹਵਾਈ ਅੱਡੇ ਲੋਕਾਂ ਨੂੰ ਸਮਰਪਿਤ ਕੀਤੇ।

ਹਲਵਾਰਾ ਹਵਾਈ ਅੱਡੇ ਦੀ ਰਣਨੀਤਕ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਨੇ ਸਾਲਾਂ ਦੌਰਾਨ ਅਹਿਮ ਭੂਮਿਕਾ ਨਿਭਾਈ ਹੈ ਅਤੇ ਮਹੱਤਵਪੂਰਨ ਕਾਰਜਾਂ ਦੌਰਾਨ ਹਥਿਆਰਬੰਦ ਸੈਨਾਵਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਨੇ ਹਲਵਾਰਾ ਵਿਖੇ ਟਰਮੀਨਲ, ਜਿਸ ਨੂੰ ਹੁਣ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਨੂੰ ਵਿਕਸਤ ਕਰਨ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇਸ ਹਵਾਈ ਅੱਡੇ ਤੋਂ ਸੰਪਰਕ ਵਧਾਉਣ ਲਈ ਭਾਰਤ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰੇਗੀ।”

ਪਹਿਲਾਂ ਕੀਤੇ ਗਏ ਉਪਰਾਲਿਆਂ ਨੂੰ ਯਾਦ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 22 ਮਾਰਚ, 2023 ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ, ਹਲਵਾਰਾ, ਲੁਧਿਆਣਾ ਵਿਖੇ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ, “ਗਦਰ ਪਾਰਟੀ ਦੇ ਇੱਕ ਸਰਗਰਮ ਆਗੂ ਵਜੋਂ, ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੇ ਅੰਦਰ ਭਾਰਤ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ਰੱਖਣਾ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਇੱਕ ਨਿਮਰ ਸ਼ਰਧਾਂਜਲੀ ਹੋਵੇਗੀ।”

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਸਾਡੀ ਸਰਕਾਰ ਦੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਮਰਪਿਤ ਕਰਨ ਲਈ ਪ੍ਰੇਰਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਇੱਕ ਅਨਿੱਖੜਵਾਂ ਅੰਗ ਹੈ।”

Read Latest News and Breaking News at Daily Post TV, Browse for more News

Ad
Ad