BSF officials Attari-Wagah Border: ਇਹ ਅਨਾਊਂਸਮੈਂਟ ਪਿੰਡ ਦੇ ਸਰਪੰਚ ਤਰਸੇਮ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੀਐਸਐਫ ਅਧਿਕਾਰੀਆਂ ਦੀ ਬੇਨਤੀ ‘ਤੇ ਕੀਤੀ ਜਾ ਰਹੀ ਹੈ।
Announcements in Gurdwaras: ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹਰ ਪਾਸੇ ਹਾਈ ਅਲਰਟ ਹੈ। ਖਾਸ ਕਰਕੇ ਭਾਰਤ ਪਾਕਿਸਤਾਨ ਸਰਹੱਦ ‘ਤੇ ਖਾਸ ਹਲਚਲ ਅਤੇ ਸਖ਼ਤੀ ਦੇਖਣ ਨੂੰ ਮਿਲ ਰਹੀ ਹੈ। ਇਸ ਘਟਨਾ ਤੋਂ ਬਾਅਦ ਅਟਾਰੀ ਚੈੱਕਪੋਸਟ ਬੰਦ ਕਰ ਦਿੱਤਾ ਗਿਆ ਹੈ ਅਤੇ ਭਾਰਤ ਆਏ ਪਾਕਿਸਤਾਨੀ ਨਾਗਰਿਕਾਂ ਨੂੰ 27 ਅਪ੍ਰੈਲ ਤੱਕ ਆਪਣੇ ਦੇਸ਼ ਪਰਤਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
ਅਜਿਹੇ ‘ਚ ਹੁਣ ਅਟਾਰੀ ਸਰਹੱਦ ਨੇੜੇ ਲਗਦੇ ਪਿੰਡ ਰੋਡਾਵਾਲਾ ਖੁਰਦ ਦੇ ਗੁਰਦੁਆਰਾ ਸਾਹਿਬ ‘ਚ ਵੀ ਖਾਸ ਅਨਾਊਂਸਮੈਂਟ ਹੋਣ ਲੱਗੀ ਹੈ। ਇਹ ਅਨਾਊਂਸਮੈਂਟ ਪਿੰਡ ਦੇ ਸਰਪੰਚ ਤਰਸੇਮ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੀਐਸਐਫ ਅਧਿਕਾਰੀਆਂ ਦੀ ਬੇਨਤੀ ‘ਤੇ ਕੀਤੀ ਜਾ ਰਹੀ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਸਰਹੱਦ ਪਾਰ ਹੈ, ਉਹ ਦੋ ਦਿਨਾਂ ਦੇ ਅੰਦਰ ਆਪਣੀਆਂ ਫਸਲਾਂ ਦੀ ਕਟਾਈ ਕਰ ਲੈਣ, ਜਿਸ ਤੋਂ ਬਾਅਦ ਸਰਹੱਦ ਬੰਦ ਕਰ ਦਿੱਤੀ ਜਾਵੇਗੀ। ਕੋਈ ਵੀ ਕਿਸਾਨ ਬਾਅਦ ਵਿੱਚ ਆਪਣੀ ਫ਼ਸਲ ਨਹੀਂ ਕੱਟ ਸਕੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਰੋਡਾਵਾਲਾ ਦੇ ਸਰਪੰਚ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਬੀਐਸਐਫ ਅਧਿਕਾਰੀਆਂ ਤੋਂ ਹੁਕਮ ਮਿਲੇ ਹਨ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਤਾਰਾਂ ਦੇ ਪਾਰ ਹਨ, ਉਹ ਦੋ ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਫ਼ਸਲਾਂ ਦੀ ਕਟਾਈ ਕਰ ਲੈਣ, ਜਿਸ ਤੋਂ ਬਾਅਦ ਅਸੀਂ ਗੇਟ ਬੰਦ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਿਸੇ ਨੂੰ ਵੀ ਫ਼ਸਲ ਦੀ ਕਟਾਈ ਨਹੀਂ ਕਰਨ ਦਿੱਤੀ ਜਾਵੇਗੀ।
ਸਰਪੰਚ ਤਰਸੇਮ ਸਿੰਘ ਨੇ ਕਿਹਾ ਕਿ ਇਹ ਔਖਾ ਸਮਾਂ ਹੈ, ਪਰ ਅਸੀਂ ਬੀਐਸਐਫ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਅਤੇ ਇਸਦੀ ਸੁਰੱਖਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਫਸਲਾਂ ਦੀ ਕਟਾਈ ਜਲਦੀ ਤੋਂ ਜਲਦੀ ਕਰ ਲੈਣ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿੰਡ ਦੇ ਹੋਰ ਲੋਕਾਂ ਨੇ ਕਿਹਾ ਕਿ ਸਾਡੀ ਵਾੜ ਦੇ ਦੂਜੇ ਪਾਸੇ ਜ਼ਮੀਨ ਹੈ ਅਤੇ ਅਸੀਂ ਬੀਐਸ ਦੇ ਹੁਕਮ ਤੋਂ ਬਾਅਦ ਆਪਣੀਆਂ ਫਸਲਾਂ ਦੀ ਕਟਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਇਸ ਵੇਲੇ, ਰਾਸ਼ਟਰੀ ਸੁਰੱਖਿਆ ਦੇ ਮੁੱਦੇ ਕਾਰਨ, ਅਸੀਂ ਬੀਐਸਐਫ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਾਂਗੇ ਅਤੇ ਜਲਦੀ ਤੋਂ ਜਲਦੀ ਆਪਣੀਆਂ ਫਸਲਾਂ ਦੀ ਕਟਾਈ ਕਰਾਂਗੇ।