ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
Counter Intelligence Amritsar: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।
Smuggling Illegal Arms: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ, ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਬਦਨਾਮ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮੰਗਾ ਦੇ ਨਜ਼ਦੀਕੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।
ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਵਿਦੇਸ਼ ਵਿੱਚ ਸਥਿਤ ਇੱਕ ਮਸ਼ਹੂਰ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮੰਗਾ ਬਾਰੇ ਖਾਸ ਜਾਣਕਾਰੀ ਮਿਲੀ ਸੀ, ਜੋ ਆਪਣੇ ਸਾਥੀਆਂ ਪਰਮਜੀਤ ਸਿੰਘ ਉਰਫ ਪੰਮਾ ਅਤੇ ਹਰਮੀਤ ਸਿੰਘ ਉਰਫ ਮੀਤੂ ਰਾਹੀਂ ਸੂਬੇ ਵਿੱਚ ਇੱਕ ਗੈਂਗ ਚਲਾ ਰਿਹਾ ਸੀ। ਇਸ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਉਨ੍ਹਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਮਿਲੀ ਸੀ, ਜੋ ਸਰਹੱਦ ਪਾਰ ਤੋਂ ਇੱਕ ਡਰੋਨ ਦੀ ਵਰਤੋਂ ਕਰਕੇ ਅੰਮ੍ਰਿਤਸਰ ਦਿਹਾਤੀ ਖੇਤਰ ਦੇ ਪਿੰਡ ਭਿੰਡੀ ਔਲਖ ਵਿੱਚ ਸੁੱਟੀ ਗਈ ਸੀ, ਅਤੇ ਇਹ ਖੇਪ ਸ਼ੇਰਪ੍ਰੀਤ ਦੇ ਸਾਥੀ ਦਵਿੰਦਰ ਸਿੰਘ ਨੂੰ ਪਹੁੰਚਾਉਣੀ ਸੀ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਦਿਹਾਤੀ ਦੇ ਚੋਗਾਵਾਂ ਵਿੱਚ ਗੁਰਦੁਆਰਾ ਬਾਬਾ ਮੋਹਰੀ ਜੀ ਦੇ ਨੇੜੇ ਘੇਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਹਥਿਆਰ ਰੱਖਣ, ਚੋਰੀ, ਡਕੈਤੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਸੱਤ ਵੱਖ-ਵੱਖ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਅਤੇ ਇਸ ਦੇ ਹੋਰ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਏ) ਅਤੇ ਭਾਰਤੀ ਦੰਡਾਵਲੀ (ਬੀਐਨਐਸ) ਦੀ ਧਾਰਾ 61(2), ਐਫਆਈਆਰ ਨੰਬਰ 65, ਮਿਤੀ 30-10-2025 ਦੇ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।