ਪੰਜਾਬ ਦੇ ਬਿਜਲੀ ਖੇਤਰ ’ਚ ਨਵੇਂ ਦੌਰ ਦੀ ਸ਼ੁਰੂਆਤ, ਸੂਬੇ ਤੋਂ ਹਰ ਕਿਸਮ ਦੇ ਹਨੇਰੇ ਦਾ ਅੰਤ ਹੋਵੇਗਾ: ਮੁੱਖ ਮੰਤਰੀ ਮਾਨ

Punjab First Power Cut-Free State: ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ। ‘Roshan Punjab Abhiyan’ in Punjab: ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ` ਦੇ ਕੌਮੀ […]
Khushi
By : Published: 08 Oct 2025 21:58:PM
ਪੰਜਾਬ ਦੇ ਬਿਜਲੀ ਖੇਤਰ ’ਚ ਨਵੇਂ ਦੌਰ ਦੀ ਸ਼ੁਰੂਆਤ, ਸੂਬੇ ਤੋਂ ਹਰ ਕਿਸਮ ਦੇ ਹਨੇਰੇ ਦਾ ਅੰਤ ਹੋਵੇਗਾ: ਮੁੱਖ ਮੰਤਰੀ ਮਾਨ

Punjab First Power Cut-Free State: ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ।

‘Roshan Punjab Abhiyan’ in Punjab: ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।

ਸੂਬੇ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ ਜੋ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ।

2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਬਿਜਲੀ ਅਰਥਵਿਵਸਥਾ ਦੀ ਜੀਵਨ ਰੇਖਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਦੇ ਵਿਸਥਾਰ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਘਰੇਲੂ, ਉਦਯੋਗਿਕ ਅਤੇ ਖੇਤੀਬਾੜੀ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬੇ ਕੋਲ ਹੁਣ ਵਾਧੂ ਕੋਲਾ ਹੈ।

ਗੋਇੰਦਵਾਲ ਪਾਵਰ ਪਲਾਂਟ ਨਿੱਜੀ ਕੰਪਨੀ ਤੋਂ ਖਰੀਦ ਕੇ ਰੱਚਿਆ ਇਤਿਹਾਸ

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਦੇ ਮਿੱਤਰਾਂ ਨੂੰ ਮਾਮੂਲੀ ਕੀਮਤਾਂ ‘ਤੇ ਵੇਚੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸੂਬੇ ਨੇ ਗੋਇੰਦਵਾਲ ਪਾਵਰ ਪਲਾਂਟ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਸੋਂ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਚਹੇਤਿਆਂ ਨੂੰ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਾਵਰ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਹੈ।

ਨਵੇਂ ਸੁਧਾਰ ਸੂਬੇ ‘ਚ ਬਿਜਲੀ ਖੇਤਰ ਨੂੰ ਕਰਨਗੇ ਹੋਰ ਮਜ਼ਬੂਤ

ਉਨ੍ਹਾਂ ਕਿਹਾ ਕਿ ਇਸ ਪਲਾਂਟ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਦੇ ਇਨ੍ਹਾਂ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਬਿਜਲੀ ਖੇਤਰ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸੁਧਾਰ ਸੂਬੇ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨਗੇ।

ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ

ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਹੈ।

ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਢੁਕਵੀਂ ਯੋਜਨਾਬੰਦੀ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਹਨੇਰੇ ਨੂੰ ਮਿਟਾ ਕੇ ਰੌਸ਼ਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।

ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀ ਜੇ.ਈ.ਈ. ਮੇਨਜ਼ ਪ੍ਰੀਖਿਆ ਵਿੱਚ ਕੁਆਲੀਫਾਈ ਹੋਏ ਹਨ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਵਿੱਚ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਜਿਹੇ ਸਮਾਗਮ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਨਹੀਂ ਹੁੰਦੇ ਸਨ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਹਨੇਰੇ ਵਿੱਚ ਰੱਖਣਾ ਚਾਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਵਲੋਂ ਪਿਛਲੇ 75 ਸਾਲਾਂ ਵਿੱਚ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਅਮੀਰ ਤੇ ਰਸੂਖਵਾਨ ਆਗੂਆਂ ਨੇ ਲੋਕਾਂ ਦੇ ਹੱਕ ਹੜੱਪਣ ਜਾਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਲਈ ਸੱਤਾ ਦੀ ਦੁਰਵਰਤੋਂ ਕੀਤੀ ਹੈ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰ ਵੀ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad