ਪੰਜਾਬ ਪੁਲਿਸ ਨੇ ਅੱਤਵਾਦ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਯੂਕੇ ਸਥਿਤ ਅੱਤਵਾਦੀ ਧਰਮ ਸਿੰਘ ਉਰਫ ਧਰਮ ਸੰਧੂ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਨੂੰ ਪਾਕਿਸਤਾਨ ਸਥਿਤ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ।
ਇਸ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਓਂਕਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਸਥਾਨਕ ਤੌਰ ‘ਤੇ ਇਸ ਮਾਡਿਊਲ ਨੂੰ ਸੰਭਾਲ ਰਿਹਾ ਸੀ। ਉਸ ਤੋਂ 6 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 4 ਗਲੌਕ 9 ਐਮਐਮ ਅਤੇ 2 ਪੀਐਕਸ-5 (.30 ਬੋਰ) ਸ਼ਾਮਲ ਹਨ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਗਿਰੋਹ ਰਿੰਦਾ ਦੇ ਇਸ਼ਾਰੇ ‘ਤੇ ਸਰਗਰਮ ਸੀ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਮਾਡਿਊਲ ਵਿਦੇਸ਼ੀ ਅੱਤਵਾਦੀ ਸੰਗਠਨਾਂ ਅਤੇ ਰਿੰਦਾ ਗੈਂਗ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਸਰਗਰਮ ਸੀ। ਇਹ ਗਿਰੋਹ ਵਿਦੇਸ਼ਾਂ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿੱਚ ਹਿੰਸਕ ਘਟਨਾਵਾਂ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਦੀ ਚੌਕਸੀ ਅਤੇ ਤੇਜ਼ ਕਾਰਵਾਈ ਕਾਰਨ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਪੁਲਿਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਭਾਲ ਕਰ ਰਹੀ ਹੈ
ਇਸ ਮਾਮਲੇ ਵਿੱਚ ਇੱਕ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਮਾਡਿਊਲ ਨਾਲ ਜੁੜੇ ਹੋਰ ਸਹਿਯੋਗੀਆਂ ਅਤੇ ਨੈੱਟਵਰਕਾਂ ਦੀ ਪਛਾਣ ਕਰਨ ਵਿੱਚ ਲੱਗੀਆਂ ਹੋਈਆਂ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਸਬੰਧਤ ਕਈ ਹੋਰ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਹਾਲਤ ਵਿੱਚ ਅੱਤਵਾਦ ਨੂੰ ਵਧਣ-ਫੁੱਲਣ ਨਹੀਂ ਦਿੱਤਾ ਜਾਵੇਗਾ।