ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, 20 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
One Arrested with 20 kg Heroin: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਮਿਲੀ ਹੈ। ਖ਼ਾਸ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਟੀਮ ਨੇ ਕਰੀਬ 20 ਕਿਲੋ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਮ ਸ਼ਰਮਾ ਪੁੱਤਰ ਪਵਨ ਕੁਮਾਰ ਵਜੋਂ ਹੋਈ ਹੈ, ਜੋ ਚੱਬਾਲ ਕਲਾਂ, ਥਾਣਾ ਚੱਬਾਲ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ।
ਪੁਲਿਸ ਅਨੁਸਾਰ, ਮੁਲਜ਼ਮ ਨੂੰ ਸੋਹੀਆਂ ਕਲਾਂ ਦੀ ਅਨਾਜ ਮੰਡੀ ਨੇੜੇ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਇੱਕ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਘੇਰਾਬੰਦੀ ਕਰਕੇ ਉਸ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਕੀਤੀ। ਇਹ ਕਾਰਵਾਈ ਥਾਣਾ ਮਜੀਠਾ, ਅੰਮ੍ਰਿਤਸਰ ਦਿਹਾਤੀ ਖੇਤਰ ਅਧੀਨ ਕੀਤੀ ਗਈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਹੁਣ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ, ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ ਅਤੇ ਇਸ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।