ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਇਸ ਸਾਲ 09 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ […]
Khushi
By : Published: 11 Apr 2026 14:14:PM
ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ
Barinder Kumar Goyal

ਇਸ ਸਾਲ 09 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ,

ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲਹਿਰਾਗਾਗਾ ਸ਼ਹਿਰ ਸਮੇਤ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਵੀ ਲਾਭ ਹੋਵੇਗਾ।

ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੀਤੇ ਯਤਨਾਂ ਸਦਕਾ
ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਹੁਣ ਇਥੋਂ ਡਾਕਟਰ ਬਣ ਕੇ ਨਿਕਲਿਆ ਕਰਨਗੇ।

ਇਸ ਦੇ ਨਾਲ-ਨਾਲ ਸਭ ਤੋਂ ਅਹਿਮ ਗੱਲ ਇਹ ਹੈ ਕਿ ਪਹਿਲਾਂ ਐਮਰਜੈਂਸੀ ਸੇਵਾਵਾਂ ਦੀ ਘਾਟ ਕਾਰਨ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈ ਜਾਂਦੀ ਸੀ ਕਿਉਂਕਿ ਬਿਹਤਰ ਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਲਈ ਸੰਗਰੂਰ ਜਾਂ ਪਟਿਆਲਾ ਜਾਣਾ ਪੈਂਦਾ ਸੀ। ਸਮੇਂ ਸਿਰ ਉਥੇ ਨਾ ਪੁੱਜਣ ਕਾਰਨ

ਲੋਕਾਂ ਦਾ ਜਾਨੀ ਨੁਕਸਾਨ ਹੋ ਜਾਂਦਾ ਸੀ।

ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚਲਣਗੇ। ਅਗਲੇ ਸਾਲ ਇਥੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ ਅਤੇ ਬਹੁਤ ਜਲਦ ਡੈਂਟਲ ਕਾਲਜ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰ ਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ, ਪਰ ਹੁਣ ਉਹ ਵਿਦਿਆਰਥੀ ਆਪਣੇ ਸੁਫ਼ਨੇ ਸਾਕਾਰ ਕਰ ਸਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ।ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ।

ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।

Read Latest News and Breaking News at Daily Post TV, Browse for more News

Ad
Ad